ਚੰਡੀਗੜ੍ਹ, 16 ਅਕਤੂਬਰ 2024: ਪੰਜਾਬ ਸਰਕਾਰ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਪਹਿਲਾ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਹਨ। ਪੰਜਾਬ ਸਰਕਾਰ ਮੁਤਾਬਕ ਪੰਜਾਬ ਦੇ ਲੋਕਾਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਹੈ |
ਕੈਬਿਨਟ ਮੰਤਰੀ ਨੇ ਹਰਦੀਪ ਸਿੰਘ ਮੁੰਡੀਆ (Hardeep Singh Mundian) ਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਪੰਜਾਬ ਭਵਨ ਵਿਖੇ ਕੈਂਪ ਦੌਰਾਨ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਜਾਰੀ ਕੀਤੇ ਹਨ |
ਇਸ ਮੌਕੇ ਮੁੰਡੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਰੀਅਲ ਅਸਟੇਟ ਨਾਲ ਸਬੰਧਤ ਲੋਕਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਅੱਜ ਪਹਿਲੀ ਵਾਰ ਅਜਿਹਾ ਵਿਸ਼ੇਸ਼ ਕੈਂਪ ਲਗਾਇਆ ਹੈ। ਇਸੇ ਤਰ੍ਹਾਂ ਦਾ ਦੂਜਾ ਕੈਂਪ ਇਸ ਸਾਲ ਨਵੰਬਰ ਦੇ ਅੰਤ ‘ਚ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਬੰਧਿਤ ਵਿਭਾਗ ਪ੍ਰਮੋਟਰਾਂ/ਡਿਵੈਲਪਰਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਪਾਰਦਰਸ਼ਤਾ ਨਾਲ ਨਿਪਟਾਉਣ ਲਈ ਵਚਨਬੱਧ ਹੈ। ਇਸ ਕੰਮ ਲਈ ਇਕ ਈ-ਮੇਲ transparency.hud@gmail.com ਬਣਾਈ ਗਈ ਹੈ, ਜਿਸ ‘ਤੇ ਕੋਈ ਵੀ ਵਿਅਕਤੀ ਸਿੱਧੀ ਸ਼ਿਕਾਇਤ ਕਰ ਸਕਦਾ ਹੈ |
ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਕੰਮ ਦੇ ਪੈਂਡਿੰਗ ਹੋਣ ਨੂੰ ਲੈ ਕੇ ਬਹੁਤ ਗੰਭੀਰ ਹੈ, ਜਿਸ ਕਾਰਨ ਅੱਜ ਇਸ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਸਬੰਧਤ ਲੋਕਾਂ ਦੇ ਬਕਾਇਆ ਕੰਮ ਪੂਰੇ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਮੌਕੇ ‘ਤੇ ਹੀ ਸਰਟੀਫਿਕੇਟ ਦਿੱਤੇ ਜਾ ਰਹੇ ਹਨ। ਪੰਜਾਬ ਸਰਕਾਰ ਦੇ ਇਸ ਉਪਰਾਲੇ ਨੂੰ ਜਾਰੀ ਰੱਖਦੇ ਹੋਏ ਹੋਰਨਾਂ ਵਿਭਾਗਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਵੀ ਕੈਂਪ ਆਦਿ ਲਗਾਏ ਜਾਣਗੇ।
ਇਸਦੇ ਨਾਲ ਹੀ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਸਕੱਤਰ ਰਾਹੁਲ ਤਿਵਾੜੀ ਨੇ ਕਿਹਾ ਕਿ ਪੰਜਾਬ ‘ਚ ਪ੍ਰਮੋਟਰਾਂ/ਡਿਵੈਲਪਰਾਂ ਦੇ ਰੁਕੇ ਹੋਏ ਕੰਮਾਂ ਨੂੰ ਨਿਪਟਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਆਪਣੀ ਕਿਸਮ ਦਾ ਇਹ ਪਹਿਲਾ ਕਦਮ ਚੁੱਕਿਆ ਗਿਆ ਹੈ।ਕਨਫੈਡਰੇਸ਼ਨ ਆਫ ਰੀਅਲ ਅਸਟੇਟ ਦੇ ਜਗਜੀਤ ਸਿੰਘ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਸਵਾਗਤ ਕੀਤਾ ਅਤੇ ਧੰਨਵਾਦ ਕੀਤਾ ਹੈ ।
ਇਸ ਮੌਕੇ ਵੱਖ-ਵੱਖ ਅਧਿਕਾਰੀਆਂ ਨੂੰ ਸਰਟੀਫਿਕੇਟ ਸੌਂਪੇ ਗਏ ਅਤੇ ਕਿਸੇ ਵੀ ਪੜਾਅ ‘ਤੇ ਕੋਈ ਸਮੱਸਿਆ ਆਉਣ ‘ਤੇ ਮੌਕੇ ‘ਤੇ ਹੀ ਫੀਡਬੈਕ ਵੀ ਲਈ ਗਈ ਹੈ । ਕੈਂਪ ਦੀ ਕਾਰਵਾਈ ਦਾ ਸੰਚਾਲਨ ਵਿਭਾਗ ਦੀ ਵਿਸ਼ੇਸ਼ ਸਕੱਤਰ ਅਪਨੀਤ ਰਿਆਤ ਵੱਲੋਂ ਕੀਤਾ ਗਿਆ ਹੈ |