ਚੰਡੀਗੜ੍ਹ, 25 ਸਤੰਬਰ 2024: ਡਾ: ਰਵਜੋਤ ਸਿੰਘ (Dr. Ravjot Singh) ਤੋਂ ਬਾਅਦ ਹੁਣ ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਕੈਬਿਨਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰਦੀਪ ਸਿੰਘ ਮੁੰਡੀਆਂ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਜ਼ਿੰਮੇ ਵਾਰੀ ਦਿੱਤੀ ਹੈ |
ਅਹੁਦਾ ਸੰਭਾਲਣ ਤੋਂ ਬਾਅਦ ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਮੁੱਖ ਮੰਤਰੀ ਭਗਵੰਤ ਸਿੰਘ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਵਾਸੀਆਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਸਭ ਤੋਂ ਅਹਿਮ ਰਹੇਗੀ।
ਹਰਦੀਪ ਸਿੰਘ ਮੁੰਡੀਆਂ ਨੇ ਮਾਲ ਵਿਭਾਗ ਅਤੇ ਭਵਨ ਨਿਰਮਾਣ ਅਤੇ ਸ਼ਹਿਰੀ ਵਿਕਾਸ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਜਨਤਕ ਸੇਵਾਵਾਂ ਦੀ ਸਬੰਧੀ ਪ੍ਰਣਾਲੀ ‘ਚ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ ਤਾਂ ਜੋ ਸੂਬੇ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਦੌਰਾਨ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।