Punjab Flood news

ਹਰਜੋਤ ਬੈਂਸ ਵੱਲੋਂ ਮੀਂਹ ਨਾਲ ਪ੍ਰਭਾਵਿਤ ਸਤਲੁਜ ਦਰਿਆ ਨੇੜਲੇ ਪਿੰਡਾਂ ਦਾ ਕੀਤਾ ਦੌਰਾ

ਚੰਡੀਗੜ੍ਹ/ਨੰਗਲ, 2 ਸਤੰਬਰ 2025: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਤਲੁਜ ਦਰਿਆ ਕੰਢੇ ਸਥਿਤ ਦਰਜਨ ਤੋਂ ਵੱਧ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਤਾਂ ਜੋ ਲੋੜਵੰਦ ਲੋਕਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ ਜਾ ਸਕੇ।

ਹਰਜੋਤ ਸਿੰਘ ਬੈਂਸ ਨੇ ਕਿਸ਼ਤੀ ਅਤੇ ਮੋਟਰਸਾਈਕਲ ਰਾਹੀਂ ਰਾਹਤ ਕੈਂਪਾਂ ਅਤੇ ਹਰਸਾ ਬੇਲਾ, ਭਨਾਮ, ਭਲਾਣ, ਭੱਲੜੀ, ਨਾਂਗੜਾ, ਬੇਲਾ ਰਾਮਗੜ੍ਹ ਅਤੇ ਬੇਲਾ ਧਿਆਨੀ ਸਮੇਤ ਵੱਖ-ਵੱਖ ਪਿੰਡਾਂ ਤੱਕ ਪਹੁੰਚ ਕਰਕੇ ਪ੍ਰਬੰਧਾਂ ਦਾ ਜ਼ਾਇਜਾ ਲਿਆ।

ਕੈਬਿਨਟ ਮੰਤਰੀ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਉਨ੍ਹਾਂ ਦੀ ਜਾਨ-ਮਾਲ ਦੀ ਰੱਖਿਆ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਡਾਕਟਰੀ ਸਹਾਇਤਾ, ਭੋਜਨ ਅਤੇ ਰੈਣ ਬਸੇਰਾ ਸਮੇਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਹਲਕੇ ‘ਚ 30 ਤੋਂ ਵੱਧ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ।

ਸਿੱਖਿਆ ਮੰਤਰੀ ਨੇ ਯੂਥ ਕਲੱਬਾਂ ਅਤੇ ਮਹਿਲਾ ਮੰਡਲਾਂ ਸਮੇਤ ਸਥਾਨਕ ਸੰਗਠਨਾਂ ਨੂੰ ਰਾਹਤ ਕਾਰਜਾਂ ‘ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨਹਿਰ ਦੇ ਕਿਨਾਰਿਆਂ ਦਾ ਵੀ ਜਾਇਜ਼ਾ ਲਿਆ ਅਤੇ ਪਾਣੀ ਦੀ ਖਾਰ ਪੈਣ ਨਾਲ ਹੋਣ ਵਾਲੇ ਸੰਭਾਵੀ ਨੁਕਸਾਨ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਾਹਤ ਕੇਂਦਰ ਕਾਰਜਸ਼ੀਲ ਹਨ ਅਤੇ ਸਾਵਧਾਨੀ ਦੇ ਉਪਾਅ ਵਜੋਂ ਸੰਵੇਦਨਸ਼ੀਲ ਖੇਤਰਾਂ ਦੇ ਵਸਨੀਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ-ਬਰ-ਤਿਆਰ ਹਨ।

ਹਰਜੋਤ ਬੈਂਸ ਨੇ ਨਾਗਰਿਕਾਂ ਨੂੰ ਸ਼ਾਂਤ ਰਹਿਣ, ਅਫਵਾਹਾਂ ਤੋਂ ਬਚਣ ਅਤੇ ਰਾਹਤ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ‘ਚ ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਐਮਰਜੈਂਸੀ ਜਾਂ ਕਿਸੇ ਸਹਾਇਤਾ ਲਈ ਸ੍ਰੀ ਆਨੰਦਪੁਰ ਸਾਹਿਬ ਦੇ ਵਸਨੀਕ ਕੰਟਰੋਲ ਰੂਮ ਨੰਬਰ 87279-62441 ‘ਤੇ ਸੰਪਰਕ ਕਰ ਸਕਦੇ ਹਨ।

Read More: ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚ ਕੈਬਨਿਟ ਮੰਤਰੀਆਂ ਦਾ ਦੌਰਾ

Scroll to Top