ਚੰਡੀਗੜ 01 ਅਗਸਤ 2022: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੰਸਦ ਮੈਂਬਰ ਰਾਘਵ ਚੱਢਾ ਦੀ ਪੰਜਾਬ ਵਿੱਚ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਦਾਇਰ ‘ਸਿਆਸਤ ਤੋਂ ਪ੍ਰੇਰਿਤ’ ਪਟੀਸਨ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਮੰਤਰੀ ਨੇ ਕਿਹਾ ਕਿ ਪਟੀਸਨਰ ਦਾ ਇਰਾਦਾ ਸਿਰਫ ਸਸਤੀ ਪਬਲੀਸਿਟੀ ਹਾਸਿਲ ਕਰਨਾ ਸੀ ਨਾ ਕਿ ਇਹ ਪਟੀਸਨ ਪੰਜਾਬ ਦੇ ਹਿੱਤ ਵਿੱਚ ਦਾਇਰ ਕੀਤੀ ਗਈ ਸੀ।
ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਨੂੰ ਦਹਾਕਿਆਂ ਤੱਕ ਲੁੱਟਣ ‘ਤੇ ਵਿਰੋਧੀ ਪਾਰਟੀਆਂ ਨੇ ਚੁੱਪ ਵੱਟੀ ਰੱਖੀ, ਪਰ ਹੁਣ ਜਦੋਂ ਭਗਵੰਤ ਸਿੰਘ ਮਾਨ ਦੀ ਸਰਕਾਰ ਪ੍ਰਸਾਸਨਿਕ ਪ੍ਰਣਾਲੀ ਦੇ ਸੁਧਾਰ ਲਈ ਠੋਸ ਕਦਮ ਚੁੱਕ ਰਹੀ ਹੈ ਤਾਂ ਸਿਆਸੀ ਲੋਕ ਭੱਦੇ ਦੋਸ ਲਗਾ ਕੇ ਆਮ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਹਰਜੋਤ ਸਿੰਘ ਬੈਂਸ (Harjot Singh Bains) ਨੇ ਇੱਕ ਟਵੀਟ ਵਿੱਚ ਕਿਹਾ, “ਮੈਂ ਸਲਾਹਕਾਰ ਕਮੇਟੀ ਵਿੱਚ ਰਾਘਵ ਚੱਢਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਦਾਇਰ “ਰਾਜਨੀਤਿਕ ਹਿੱਤ ਪਟੀਸਨ” ਦਾ ਨਿਪਟਾਰਾ ਕਰਨ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਅਦਾਲਤ ਦਾ ਕੀਮਤੀ ਸਮਾਂ ਬਰਬਾਦ ਕਰਨ ਵਾਲਿਆਂ ਨੂੰ ਸਖਤ ਚਪੇੜ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਾਈ ਕੋਰਟ ਨੇ ਪਟੀਸਨਕਰਤਾ ਨੂੰ ਰਾਹਤ ਨਾ ਦਿੰਦੇ ਹੋਏ ਰਾਘਵ ਚੱਢਾ ਦੀ ਰਾਜ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਲੈ ਕੇ ਦਾਇਰ ਪਟੀਸਨ ਦਾ ਨਿਪਟਾਰਾ ਕਰ ਦਿੱਤਾ ਸੀ।