ਚੰਡੀਗੜ੍ਹ, 21 ਜੁਲਾਈ 2023: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਹਦਾਇਤ ਕੀਤੀ ਕਿ ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਜਲਦ ਤਿਆਰ ਕਰਕੇ ਪੇਸ਼ ਕੀਤੀ ਜਾਵੇ।
ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਰੂਪਨਗਰ ਡਾ. ਪ੍ਰੀਤੀ ਯਾਦਵ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਇੰਜੀਨੀਅਰ, ਬੀ ਐਂਡ ਆਰ ਦੇ ਅਧਿਕਾਰੀ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਮੀਟਿੰਗ ਦੌਰਾਨ ਸ੍ਰੀ ਬੈਂਸ ਨੇ ਕਿਹਾ ਕਿ ਹੜ੍ਹਾਂ ਕਾਰਨ ਵੱਡੇ ਪੱਧਰ ‘ਤੇ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਆਵਾਜਾਈ ਦੇ ਮਾਰਗ ਅਤੇ ਪੁਲ੍ਹਾਂ ਦੇ ਨੁਕਸਾਨ ਹੋਣ ਦੀਆਂ ਵੀ ਰਿਪੋਰਟਾਂ ਮਿਲੀਆਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਲਕੇ ਦੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਜਲਦ ਤੋਂ ਜਲਦ ਤਿਆਰ ਕਰਕੇ ਪੇਸ਼ ਕੀਤੀ ਜਾਵੇ।