ਚੰਡੀਗੜ੍ਹ/ਸਮਰਾਲਾ (ਲੁਧਿਆਣਾ), 11 ਅਗਸਤ 2025: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਪਿੰਡ ਮਾਨੂੰਪੁਰ ‘ਚ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ। ਲਾਂਸ ਨਾਇਕ ਪ੍ਰਿਤਪਾਲ ਸਿੰਘ ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਅੱ.ਤ.ਵਾ.ਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ ਸਨ।
ਇਸ ਦੌਰਾਨ ਹਰਜੋਤ ਬੈਂਸ ਨੇ ਸ਼ਹੀਦ ਪ੍ਰਿਤਪਾਲ ਸਿੰਘ ਦੀ ਪਤਨੀ ਮਨਪ੍ਰੀਤ ਕੌਰ, ਪਿਤਾ ਹਰਬੰਸ ਸਿੰਘ, ਮਾਤਾ ਅਤੇ ਭਰਾਵਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੇ ਸਮੇਂ ‘ਚ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਮੱਦਦ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਲਾਂਸ ਨਾਇਕ ਪ੍ਰਿਤਪਾਲ ਸਿੰਘ ਅਤੇ ਸ਼ਹੀਦ ਹਰਮਿੰਦਰ ਸਿੰਘ ਦੋਵਾਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਇਹ ਸਾਡੇ ਫੌਜੀ ਜਵਾਨਾਂ ਸਦਕਾ ਅਸੀਂ ਚੈਨ ਦੀ ਨੀਂਦ ਸੌਂਦੇ ਹਾਂ |
ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਸਾਲ ਫਰਵਰੀ ‘ਚ ਵਿਆਹ ਕਰਵਾਉਣ ਵਾਲੇ ਪ੍ਰਿਤਪਾਲ ਸਿੰਘ ਅਪ੍ਰੈਲ ‘ਚ ਡਿਊਟੀ ‘ਤੇ ਵਾਪਸ ਆਏ ਸਨ ਅਤੇ ਉਨ੍ਹਾਂ ਨੇ ਆਪਣੇ ਪਰਿਵਾਰ ਨਾਲ ਦੀਵਾਲੀ ਮਨਾਉਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹੀਦ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਦੇ ਹੌਸਲੇ ਨੂੰ ਦੇਖ ਕੇ ਉਨ੍ਹਾਂ ਨੂੰ ਬਹੁਤ ਮਾਣ ਮਹਿਸੂਸ ਹੋਇਆ, ਜੋ ਦਰਸਾਉਂਦਾ ਹੈ ਕਿ ਪੰਜਾਬ ਦੇ ਨੌਜਵਾਨਾਂ ‘ਚ ਦੇਸ਼ ਦੀ ਸ਼ਾਂਤੀ ਅਤੇ ਸਦਭਾਵਨਾ ਲਈ ਕੁਰਬਾਨੀ ਦੇਣ ਦੀ ਅਟੱਲ ਭਾਵਨਾ ਹੈ।
ਮੰਤਰੀ ਨੇ ਅਰਦਾਸ ਕੀਤੀ ਕਿ ਪ੍ਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ, ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਪੂਰੇ ਕਰੇਗੀ ਅਤੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।
Read More: ਕੁਲਗਾਮ ‘ਚ ਮੁਕਾਬਲੇ ਦੌਰਾਨ ਭਾਰਤੀ ਫੌਜ ਦੇ 2 ਜਵਾਨ ਸ਼ਹੀਦ, 1 ਅੱ.ਤ.ਵਾ.ਦੀ ਢੇਰ