ਚੰਡੀਗੜ੍ਹ, 26 ਮਾਰਚ 2024: ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਧਾਨ ਮੰਤਰੀ ਨਿਵਾਸ ਦੇ ਘਿਰਾਓ ਦੌਰਾਨ ਪੰਜਾਬ ਦੇ ਮੰਤਰੀ ਅਤੇ ‘ਆਪ’ ਆਗੂ ਹਰਜੋਤ ਸਿੰਘ ਬੈਂਸ (Harjot Singh Bains) ਨੂੰ ਪਟੇਲ ਚੌਕ ਮੈਟਰੋ ਸਟੇਸ਼ਨ ਦੇ ਬਾਹਰੋਂ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪਟੇਲ ਚੌਕ ਮੈਟਰੋ ਸਟੇਸ਼ਨ ਦੇ ਬਾਹਰ ਧਾਰਾ 144 ਲਗਾ ਦਿੱਤੀ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਥਿਤ ਸ਼ਰਾਬ ਘਪਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਜਿਸ ਕਾਰਨ ਦਿੱਲੀ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਜਦਕਿ ਦਿੱਲੀ ਪੁਲਿਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਨਾਲ ਹੀ, ਦਿੱਲੀ ਟ੍ਰੈਫਿਕ ਪੁਲਿਸ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।
ਇਸਦੇ ਨਾਲ ਹੀ ਆਮ ਆਦਮੀ ਪਾਰਟੀ ਨੇ ‘ਮੋਦੀ ਦਾ ਸਭ ਤੋਂ ਵੱਡਾ ਡਰ – ਕੇਜਰੀਵਾਲ’ ਦੀ ਡੀਪੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਡੀ.ਪੀ. ਲਗਾ ਰਹੇ ਹਨ |