ਚੰਡੀਗੜ੍ਹ 02 ਅਗਸਤ 2022: ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਲੋਕ ਸਭਾ ‘ਚ ਮਹਿੰਗਾਈ ’ਤੇ ਚਰਚਾ ਕਰਦਿਆਂ ਸਵਾਮੀਨਾਥਨ ਰਿਪੋਰਟ ਅਨੁਸਾਰ ਸੀ-2 ਅਤੇ 50 ਫੀਸਦੀ ਮੁਨਾਫ਼ਾ ਦਾ ਫਾਰਮੂਲਾ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਦਰਜਾ ਦਿੱਤਾ ਜਾਵੇ ਅਤੇ ਪੈਟਰੋਲੀਅਮ ਅਤੇ ਰਸੋਈ ਗੈਸ ਦੀਆਂ ਕੀਮਤਾਂ ਘਟਾਈਆਂ ਜਾਣ।
ਇਸਦੇ ਨਾਲ ਹੀ ਮਹਿੰਗਾਈ ‘ਤੇ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਇਸ ਮਾਮਲੇ ‘ਤੇ ਸਿਆਸਤ ਕਰ ਰਹੀ ਹੈ। ਦੇਸ਼ ਵਿੱਚ ਡੀਜ਼ਲ, ਖਾਦਾਂ ਅਤੇ ਕੀਟਨਾਸ਼ਕਾਂ ਦੀਆਂ ਕੀਮਤਾਂ ਪਿਛਲੇ 8 ਸਾਲਾਂ ਵਿੱਚ ਸੌ ਗੁਣਾ ਵੱਧ ਗਈਆਂ ਹਨ। ਜਦੋਂ ਕਿ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਿੱਚ ਸਿਰਫ਼ 2% ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਕਿਸਾਨਾਂ ਅਤੇ ਆਮ ਆਦਮੀ ‘ਤੇ ਮਾੜਾ ਅਸਰ ਪੈ ਰਿਹਾ ਹੈ ਕਿਉਂਕਿ ਸਾਰੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ।
ਇਸਦੇ ਨਾਲ ਹੀ ਸੰਸਦ ਮੈਂਬਰ ਹਰਸਿਮਰਤ ਨੇ ਕਿਹਾ ਕਿ ਭਾਜਪਾ ਨੇ 2015 ‘ਚ ਦਾਅਵਾ ਕੀਤਾ ਸੀ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ,ਪਰ ਹੁਣ 8 ਸਾਲ ਬੀਤ ਚੁੱਕੇ ਹਨ ਅਤੇ ਅਸਲ ‘ਚ ਕਿਸਾਨਾਂ ਦੀ ਆਮਦਨ ‘ਚ ਕਮੀ ਆਈ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ 9 ਦਸੰਬਰ 2021 ਨੂੰ ਕਿਸਾਨ ਅੰਦੋਲਨ ਦੀ ਸਮਾਪਤੀ ਮੌਕੇ ਕੀਤੇ ਵਾਅਦੇ ਨੂੰ ਪੂਰਾ ਕਰੇ ਅਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਦਰਜਾ ਦੇਵੇ। ਉਨ੍ਹਾਂ ਨੇ 26 ਮੈਂਬਰਾਂ ਨੂੰ ਐਮਐਸਪੀ ਕਮੇਟੀ ਵਿੱਚ ਨਾਮਜ਼ਦ ਕਰਨ ਲਈ ਸਰਕਾਰ ਦੀ ਆਲੋਚਨਾ ਕੀਤੀ