ਚੰਡੀਗੜ੍ਹ, 26 ਫਰਵਰੀ 2024: ਹਰਿਆਣਾ ‘ਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਪ੍ਰਧਾਨ ਨਫੇ ਸਿੰਘ ਰਾਠੀ (Nafe Singh Rathee) ਦੇ ਕਤਲ ਮਾਮਲੇ ‘ਚ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ‘ਚ ਪੁਲਿਸ ਨੇ ਸਾਬਕਾ ਵਿਧਾਇਕ ਨਰੇਸ਼ ਕੌਸ਼ਿਕ ਸਮੇਤ 7 ਜਣਿਆਂ ‘ਤੇ ਮਾਮਲਾ ਦਰਜ ਕਰ ਲਿਆ ਹੈ। ਸਾਰਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਪੰਜ ਹੋਰਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ।
ਜਿਕਰਯੋਗ ਹੈ ਕਿ ਐਤਵਾਰ ਨੂੰ ਨਫੇ ਸਿੰਘ ਅਤੇ ਇੱਕ ਹੋਰ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਕਾਰਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਵਿਰੋਧੀ ਧਿਰ ਹਰਿਆਣਾ ਸਰਕਾਰ ‘ਤੇ ਲਗਾਤਾਰ ਹਮਲੇ ਕਰ ਰਹੀ ਹੈ।ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਵੀ ਨਫੇ ਸਿੰਘ ਰਾਠੀ ਦੇ ਕਤਲ ‘ਤੇ ਬਿਆਨ ਦਿੱਤਾ ਹੈ। ਵਿਜ ਨੇ ਕਿਹਾ ਕਿ ਉਨ੍ਹਾਂ ਨੂੰ ਬੇਹੱਦ ਅਫਸੋਸ ਹੈ। ਉਹ ਉਨ੍ਹਾਂ ਨਾਲ ਵਿਧਾਇਕ ਵੀ ਰਹਿ ਚੁੱਕੇ ਹਨ। ਵਿਜ ਨੇ ਕਿਹਾ ਕਿ ਉਨ੍ਹਾਂ ਨੇ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਨੂੰ ਆਦੇਸ਼ ਦਿੱਤੇ ਹਨ।
ਜਿਕਰਯੋਗ ਹੈ ਕਿ ਇੰਡੀਅਨ ਨੈਸ਼ਨਲ ਲੋਕ ਦਲ ਦੇ ਸੂਬਾ ਪ੍ਰਧਾਨ ਨਫੇ ਸਿੰਘ ਰਾਠੀ (Nafe Singh Rathee) ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਪ੍ਰਸਿੱਧ ਚਿਹਰਾ ਰਹੇ ਹਨ। ਉਹ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਕਰੀਬੀ ਮੰਨੇ ਜਾਂਦੇ ਸਨ। ਪਾਰਟੀ ‘ਤੇ ਉਨ੍ਹਾਂ ਦੀ ਮਜ਼ਬੂਤ ਪਕੜ ਸੀ। ਉਹ ਇੱਕ ਜਾਟ ਆਗੂ ਸੀ ਅਤੇ ਬਹਾਦਰਗੜ੍ਹ ਦੇ ਪਿੰਡ ਜਾਟਵਾੜਾ ਨਾਲ ਸਬੰਧਤ ਸੀ। ਉਹ ਬਹਾਦੁਰਗੜ੍ਹ ਵਿਧਾਨ ਸਭਾ ਸੀਟ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ।
ਸਿਆਸਤ ਤੋਂ ਪਹਿਲਾਂ ਨਫੇ ਸਿੰਘ ਨੇਵੀ ਵਿੱਚ ਵੀ ਤਾਇਨਾਤ ਸਨ। ਉਹ ਕੁਸ਼ਤੀ ਵੀ ਖੇਡ ਚੁੱਕੇ ਹਨ । ਨਫੇ ਸਿੰਘ ਰਾਠੀ ਨੇ ਪਹਿਲੀ ਵਾਰ 1996 ਵਿਚ ਸਮਤਾ ਪਾਰਟੀ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਲੜੀ ਅਤੇ ਜਿੱਤੇ। ਇਸ ਤੋਂ ਬਾਅਦ ਉਹ ਦੂਜੀ ਵਾਰ ਸਾਲ 2000 ‘ਚ ਇੰਡੀਅਨ ਨੈਸ਼ਨਲ ਲੋਕ ਦਲ ਦੀ ਟਿਕਟ ‘ਤੇ ਵਿਧਾਇਕ ਬਣੇ। ਉਹ ਦੋ ਵਾਰ ਬਹਾਦਰਗੜ੍ਹ ਨਗਰ ਕੌਂਸਲ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।
ਇਨ੍ਹਾਂ ਤੋਂ ਇਲਾਵਾ ਨਫੇ ਸਿੰਘ ਆਲ ਇੰਡੀਅਨ ਸਟਾਈਲ ਰੈਸਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਓਪੀ ਚੌਟਾਲਾ ਅਤੇ ਅਭੈ ਚੌਟਾਲਾ ਦਾ ਕਰੀਬੀ ਮੰਨਿਆ ਜਾਂਦਾ ਸੀ।