ਚੰਡੀਗੜ੍ਹ, 19 ਫਰਵਰੀ 2025: ਹਰਿਆਣਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ (illegal Mining) ‘ਚ ਸ਼ਾਮਲ ਲੋਕਾਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ। ਅਰਾਵਲੀ ਖੇਤਰ ਦੇ ਮਹਿੰਦਰਗੜ੍ਹ ਜ਼ਿਲ੍ਹੇ ‘ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ, ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਾਈਨਿੰਗ ਵਿਭਾਗ ਵੱਲੋਂ ਸੰਭਾਵੀ ਖੇਤਰਾਂ ‘ਚ ਨਿਰੰਤਰ ਨਿਰੀਖਣ ਕੀਤਾ ਜਾ ਰਿਹਾ ਹੈ। ਹੈੱਡਕੁਆਰਟਰ ਦੇ ਡਾਇਰੈਕਟਰ ਜਨਰਲ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ, ਜ਼ਿਲ੍ਹਾ ਪ੍ਰਸ਼ਾਸਨ ਨੇ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਲੋਕਾਂ ਵਿਰੁੱਧ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਜੁਰਮਾਨਾ ਵੀ ਲਗਾਇਆ ਹੈ।
ਇਸ ਸਬੰਧੀ ਜਾਣਕਾਰੀ ਮਾਈਨਿੰਗ (illegal Mining) ਅਤੇ ਭੂ-ਵਿਗਿਆਨ ਵਿਭਾਗ ਨੇ ਦੱਸਿਆ ਕਿ ਅਚਾਨਕ ਨਿਰੀਖਣ ਦੌਰਾਨ, 17.02.2025 ਨੂੰ ਜ਼ਿਲ੍ਹੇ ਦੇ ਮੌਸਮਪੁਰ ਅਤੇ ਬਿਹਾਰੀਪੁਰ ਪਿੰਡਾਂ ਦੀ ਪੰਚਾਇਤ ਅਤੇ ਨਿੱਜੀ ਜ਼ਮੀਨ ਤੋਂ ਮਿੱਟੀ/ਬੱਜਰੀ ਦੀ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਜ਼ਮੀਨ ਮਾਲਕਾਂ ਅਤੇ ਵਾਹਨ ਮਾਲਕਾਂ ਵਿਰੁੱਧ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਸਨ।
ਇਸ ਤੋਂ ਇਲਾਵਾ, 09.02.2025 ਨੂੰ, ਪਿੰਡ ਸੋਹਲਾ ਦੀ ਹੱਦ ਤੋਂ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ। ਇਸ ਸਬੰਧ ਵਿੱਚ, ਕੱਲ੍ਹ 18.02.2025 ਨੂੰ ਗੈਰ-ਕਾਨੂੰਨੀ ਮਾਈਨਿੰਗ ‘ਚ ਸ਼ਾਮਲ ਵਿਅਕਤੀਆਂ ਤੋਂ 1,49,826 ਰੁਪਏ ਦੀ ਰਕਮ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ, 14.02.2025 ਨੂੰ ਫੜੇ ਗਏ ਟਰੱਕ ਮਾਲਕਾਂ ਤੋਂ 3,20,500 ਰੁਪਏ ਦੀ ਜੁਰਮਾਨਾ ਰਾਸ਼ੀ ਵੀ ਸਰਕਾਰੀ ਖਾਤੇ ‘ਚ ਜਮ੍ਹਾਂ ਕਰਵਾਈ ਹੈ।
ਉਨ੍ਹਾਂ ਕਿਹਾ ਕਿ ਡਾਇਰੈਕਟਰ ਜਨਰਲ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਜ਼ਿਲ੍ਹੇ ‘ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਸਥਾਨਕ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ‘ਚ ਸ਼ਾਮਲ ਨਾ ਹੋਣ ਅਤੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਬਾਰੇ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਣ ਤਾਂ ਜੋ ਐਨਜੀਟੀ ਦੇ ਹੁਕਮਾਂ ਅਨੁਸਾਰ ਕਾਰਵਾਈ ਕੀਤੀ ਜਾ ਸਕੇ।
Read More: POCSO ਮਾਮਲੇ ‘ਚ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪਿਹਵਾ ਨਿਵਾਸੀ ਨੂੰ ਕੀਤਾ ਗ੍ਰਿਫਤਾਰ