Site icon TheUnmute.com

ਹਰਿਆਣਾ ਸਰਕਾਰ ਨੇ ਹਰਿਆਣਾ ਗੁਰਦੁਆਰਾ ਕਮੇਟੀ ’ਤੇ ਅਸਿੱਧੇ ਢੰਗ ਨਾਲ ਕਬਜ਼ਾ ਕੀਤਾ: ਅਕਾਲੀ ਦਲ

Shiromani Akali Dal

ਚੰਡੀਗੜ੍ਹ 28 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 41 ਮੈਂਬਰ ਤੇ ਸਰਪ੍ਰਸਤ ਨਾਮਜ਼ਦ ਕਰਨ ਵਾਸਤੇ ਜਾਰੀ ਨੋਟੀਫਿਕੇਸ਼ਨ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਹਰਿਆਣਾ ਸਰਕਾਰ ਨੇ ਅਸਿੱਧੇ ਤੌਰ ’ਤੇ ਹਰਿਆਣਾ ਗੁਰਦੁਆਰਾ ਕਮੇਟੀ ’ਤੇ ਕਬਜ਼ਾ ਕਰ ਲਿਆ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਘਟਨਾਕ੍ਰਮ ਅਕਾਲੀ ਦਲ ਲਈ ਹੈਰਾਨੀਜਨਕ ਨਹੀਂ ਹਨ ਕਿਉਂਕਿ ਇਹਨਾਂ ਨਾਲ ਪਾਰਟੀ ਦਾ ਸਟੈਂਡ ਸਹੀ ਸਾਬਤ ਹੋ ਗਿਆ ਹੈ ਕਿ ਰਾਜ ਸਰਕਾਰ ਹਰਿਆਣਾ ਗੁਰਦੁਆਰਾ ਕਮੇਟੀ ਦੀਆਂ ਤਾਕਤਾਂ ਹੜੱਪਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਜਾਰੀ ਨਵੇਂ ਗਜ਼ਟ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੇ ਸਰਪ੍ਰਸਤ ਸਮੇਤ 41 ਮੈਂਬਰਾਂ ਦੀ ਨਿਯੁਕਤੀ ਹਰਿਆਣਾ ਸਰਕਾਰ ਵੱਲੋਂ ਕੀਤੀ ਜਾਵੇਗੀ ਤੇ ਆਪਣੇ ਪ੍ਰਤੀਨਿਧਾਂ ਦੀ ਚੋਣ ਵਿਚ ਹਰਿਆਣਾ ਦੀ ਸੰਗਤ ਦਾ ਕੋਈ ਯੋਗਦਾਨ ਨਹੀਂ ਹੋਵੇਗਾ।

ਉਹਨਾਂ ਕਿਹਾ ਕਿ ਅਕਾਲੀ ਦਲ ਨੇ ਤਾਂ ਪਹਿਲੇ ਦਿਨ ਤੋਂ ਇਹ ਆਖਿਆ ਹੈ ਕਿ ਭਾਜਪਾ ਗੁਰਦੁਆਰਾ ਕਮੇਟੀਆਂ ’ਤੇ ਆਪਣੀ ਤਾਕਤ ਵਰਤਣਾ ਚਾਹੁੰਦੀ ਹੈ ਅਤੇ ਦਿੱਲੀ ਗੁਰਦੁਆਰਾ ਕਮੇਟੀ ਤੋਂ ਬਾਅਦ ਹਰਿਆਣਾ ਗੁਰਦੁਆਰਾ ਕਮੇਟੀ ’ਤੇ ਕਬਜ਼ਾ ਇਸਦੀ ਨੀਤੀ ਅਨੁਸਾਰ ਹੋ ਰਿਹਾ ਹੈ।

ਉਹਨਾਂ ਕਿਹਾ ਕਿ ਅਕਾਲੀ ਦਲ ਸਿੱਖਾਂ ਦੇ ਹੱਕਾਂ ’ਤੇ ਇਹ ਡਾਕਾ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ ਤੇ ਇਹ ਇਸ ਸਬੰਧ ਵਿਚ ਭਾਜਪਾ ਸਰਕਾਰ ਦੀਆਂ ਨੀਤੀਆਂ ਦਾ ਜ਼ੋਰਦਾਰ ਵਿਰੋਧ ਕਰੇਗਾ।

Exit mobile version