ਹਰਿਆਣਾ, 08 ਸਤੰਬਰ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਾਲ ਹੀ ‘ਚ ਸੂਬਾ ਸਰਕਾਰ ਨੇ ਜੰਮੂ-ਕਸ਼ਮੀਰ ਅਤੇ ਪੰਜਾਬ ‘ਚ ਹੜ੍ਹ ਪੀੜਤਾਂ ਨੂੰ ਰਾਹਤ ਲਈ 5-5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਇਸੇ ਕ੍ਰਮ ‘ਚ ਅੱਜ ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਦੇਖਦੇ ਹੋਏ, ਹਰਿਆਣਾ ਸਰਕਾਰ ਨੇ ਹਿਮਾਚਲ ਪ੍ਰਦੇਸ਼ ਮੁੱਖ ਮੰਤਰੀ ਰਾਹਤ ਫੰਡ ਵਿੱਚ 5 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਭੇਜੀ ਹੈ।
ਉਨ੍ਹਾਂ ਨੇ ਕੈਬਨਿਟ ਦੀ ਇੱਕ ਗੈਰ-ਰਸਮੀ ਮੀਟਿੰਗ ਤੋਂ ਬਾਅਦ ਦੱਸਿਆ ਕਿ ਸਾਰੇ ਮੰਤਰੀਆਂ, ਪਾਰਟੀ ਵਿਧਾਇਕਾਂ ਅਤੇ ਸਮਰਥਿਤ ਵਿਧਾਇਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ‘ਚ ਦਾਨ ਕਰਨ ਤਾਂ ਜੋ ਬਚਾਅ ਅਤੇ ਪੁਨਰਵਾਸ ਕਾਰਜਾਂ ‘ਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਪਰਿਵਾਰਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾ ਸਕੇ।
ਇਸ ਦੇ ਨਾਲ ਹੀ ਹਰਿਆਣਾ ਰਾਜ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਆਪਣੀ ਇੱਛਾ ਅਨੁਸਾਰ ਮੁੱਖ ਮੰਤਰੀ ਰਾਹਤ ਫੰਡ ‘ਚ ਮੱਦਦ ਕਰਨ। ਇਸ ਦੇ ਨਾਲ ਹੀ, ਸਮਾਜਿਕ ਸੰਗਠਨਾਂ ਅਤੇ ਉਦਯੋਗਿਕ ਅਦਾਰਿਆਂ ਤੋਂ ਵੀ ਸਹਿਯੋਗ ਦੀ ਬੇਨਤੀ ਕੀਤੀ ਗਈ ਹੈ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।
ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਵਿਰੋਧੀ ਧਿਰ ਨੂੰ ਕੀਤੀ ਅਪੀਲ ਬਾਰੇ ਪੁੱਛੇ ਇੱਕ ਸਵਾਲ ‘ਤੇ, ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਸਾਰਿਆਂ ਲਈ ਖੁੱਲ੍ਹਾ ਹੈ ਅਤੇ ਕੋਈ ਵੀ ਆਪਣੀ ਇੱਛਾ ਅਨੁਸਾਰ ਯੋਗਦਾਨ ਪਾ ਸਕਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਪੰਜਾਬ ਦੇ ਪ੍ਰਸਤਾਵਿਤ ਦੌਰੇ ਸਬੰਧੀ ਪੁੱਛੇ ਗਏ ਇੱਕ ਸਵਾਲ ‘ਤੇ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਆਂਢੀ ਵਜੋਂ ਆਪਣਾ ਫਰਜ਼ ਨਿਭਾਉਣਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਅਤੇ ਤੰਦਰੁਸਤੀ ਬਾਰੇ ਪੁੱਛਿਆ ਅਤੇ ਪੰਜਾਬ ‘ਚ ਆਈ ਕੁਦਰਤੀ ਆਫ਼ਤ ਬਾਰੇ ਵੀ ਜਾਣਕਾਰੀ ਲਈ।
Read More: ਹਿਸਾਰ ਤੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਨਾਲ ਭਰੇ ਟਰੱਕ ਰਵਾਨਾ