ਚੰਡੀਗੜ, 19 ਅਕਤੂਬਰ 2024: ਮੁੱਖ ਮੰਤਰੀ ਨਾਇਬ ਸਿੰਘ ਸੈਣੀ (CM Nayab Singh) ਨੇ ਕਿਹਾ ਕਿ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਅਤੇ ਬਾਜਰੇ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਕੀਤੀ ਜਾ ਰਹੀ ਹੈ। ਮੰਡੀਆਂ ‘ਚ ਹੁਣ ਤੱਕ 30 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ‘ਚੋਂ 25,55,319 ਮੀਟ੍ਰਿਕ ਟਨ ਝੋਨਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਿਆ ਜਾ ਚੁੱਕਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਖਰੀਦ ਲਈ 3,056 ਕਰੋੜ ਰੁਪਏ ਦੀ ਅਦਾਇਗੀ ਸਿੱਧੇ ਕਿਸਾਨਾਂ ਦੇ ਖਾਤਿਆਂ ‘ਚ ਕੀਤੀ ਹੈ। ਮੰਡੀਆਂ ‘ਚੋਂ 13,90,199 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।
ਇਸਦੇ ਨਾਲ ਹੀ ਨਾਇਬ ਸਿੰਘ ਸੈਣੀ (CM Nayab Singh) ਨੇ ਦੱਸਿਆ ਕਿ ਚਾਲੂ ਸਾਉਣੀ ਸੀਜ਼ਨ ਦੌਰਾਨ ਹੁਣ ਤੱਕ ਮੰਡੀਆਂ ‘ਚ 3.47 ਲੱਖ ਮੀਟ੍ਰਿਕ ਟਨ ਬਾਜਰੇ ਦੀ ਆਮਦ ਹੋਈ ਹੈ, ਜਿਸ ‘ਚੋਂ 3.05 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਮੰਡੀਆਂ ‘ਚੋਂ 1,14,358 ਮੀਟ੍ਰਿਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬਾਜਰੇ ਦੀ ਖਰੀਦ ਲਈ 331 ਕਰੋੜ ਰੁਪਏ ਦੀ ਅਦਾਇਗੀ ਸਿੱਧੇ ਕਿਸਾਨਾਂ ਦੇ ਖਾਤਿਆਂ ‘ਚ ਕੀਤੀ ਹੈ।
ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਕਮੀ ਆਈ ਹੈ। ਸੁਪਰੀਮ ਕੋਰਟ ਨੇ ਵੀ ਇਸ ਮੁੱਦੇ ‘ਤੇ ਸੂਬੇ ਦੇ ਕਿਸਾਨਾਂ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਗਾਤਾਰ ਜਾਗਰੂਕ ਕਰ ਰਹੀ ਹੈ ਅਤੇ ਪਰਾਲੀ ਪ੍ਰਬੰਧਨ ਲਈ ਸਬਸਿਡੀ ‘ਤੇ ਵੱਖ-ਵੱਖ ਉਪਕਰਨ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾ ਸਕੇ।