ਚੰਡੀਗੜ੍ਹ 07 ਅਕਤੂਬਰ 2022: ਹਰਿਆਣਾ ਵਿੱਚ ਪੰਚਾਇਤੀ ਚੋਣਾਂ (Panchayat Election) ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 30 ਅਕਤੂਬਰ ਨੂੰ ਹੋਣਗੀਆਂ। ਇਸ ਸੰਬੰਧੀ ਨੋਟੀਫਿਕੇਸ਼ਨ 8 ਅਕਤੂਬਰ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ 14 ਤੋਂ 19 ਅਕਤੂਬਰ ਤੱਕ ਭਰੀਆਂ ਜਾ ਸਕਣਗੀਆਂ । ਨਾਮਜ਼ਦਗੀਆਂ 20 ਅਕਤੂਬਰ ਨੂੰ ਸ਼ਾਰਟਲਿਸਟ ਕੀਤੀਆਂ ਜਾਣਗੀਆਂ ਅਤੇ 21 ਅਕਤੂਬਰ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਪਹਿਲੇ ਪੜਾਅ ਵਿੱਚ 10 ਜ਼ਿਲ੍ਹਿਆਂ ਵਿੱਚ ਚੋਣਾਂ ਹੋਣਗੀਆਂ। ਇਸ ਵਿੱਚ 35,000 ਈਵੀਐਮ ਦੀ ਵਰਤੋਂ ਕੀਤੀ ਜਾਵੇਗੀ।
ਇਨ੍ਹਾਂ ਚੋਣਾਂ ਲਈ 38 ਹਜ਼ਾਰ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਚੋਣਾਂ ਵਿੱਚ ਹਰ ਬੂਥ ’ਤੇ ਦੋ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲਾਈ ਜਾਵੇਗੀ। ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਬੂਥਾਂ ‘ਤੇ ਦੋ-ਦੋ ਵਾਧੂ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ।
ਪਹਿਲੇ ਪੜਾਅ ‘ਚ ਭਿਵਾਨੀ, ਫਤਿਹਾਬਾਦ, ਝੱਜਰ, ਜੀਂਦ, ਕੈਥਲ, ਮਹਿੰਦਰਗੜ੍ਹ, ਨੂਹ, ਪੰਚਕੂਲਾ, ਯਮੁਨਾਨਗਰ ਅਤੇ ਪਾਣੀਪਤ ‘ਚ ਚੋਣਾਂ ਹੋਣਗੀਆਂ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਰਾਜ ਚੋਣ ਕਮਿਸ਼ਨ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਅਤੇ ਸਹੀ ਉਮੀਦਵਾਰ ਦੀ ਚੋਣ ਕਰਨ ਦੀ ਅਪੀਲ ਕੀਤੀ ਹੈ।