ਹਰਿਆਣਾ, 20 ਸਤੰਬਰ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਹਨ ਕਿ ਹਰਿਆਣਾ ਦੀਆਂ ਸਾਰੀਆਂ ਯੂਨੀਵਰਸਿਟੀਆਂ ਉਦਯੋਗਾਂ ਨਾਲ ਬਿਹਤਰ ਤਾਲਮੇਲ ਕਰਨ ਅਤੇ ਨੌਜਵਾਨਾਂ ਨੂੰ ਬਿਹਤਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸਾਲ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਨੌਕਰੀ ਮੇਲਿਆਂ ਲਗਾਉਣ |
ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਸਾਰੀਆਂ ਬਹੁ-ਰਾਸ਼ਟਰੀ ਕੰਪਨੀਆਂ ਆਪਣੀਆਂ ਇਕਾਈਆਂ ਸਥਾਪਤ ਕਰ ਰਹੀਆਂ ਹਨ। ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਇਹ ਯਕੀਨੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਕਿ ਨੌਜਵਾਨਾਂ ਨੂੰ ਇਸ ਉਦਯੋਗਿਕ ਵਿਕਾਸ ਦਾ ਸਿੱਧਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਆਪਣੀ ਸਿੱਖਿਆ ਪੂਰੀ ਕਰਕੇ ਅਤੇ ਵਿਦਿਅਕ ਸੰਸਥਾਵਾਂ ਤੋਂ ਰੁਜ਼ਗਾਰ ਪ੍ਰਾਪਤ ਕਰਕੇ ਆਤਮਨਿਰਭਰ ਬਣਨ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬੀਤੇ ਦਿਨ ਪੰਚਕੂਲਾ ‘ਚ ਉੱਚ ਸਿੱਖਿਆ ਵਿਭਾਗ ਦੀ ਇੱਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰ ਰਹੇ ਸਨ। ਬੈਠਕ ‘ਚ ਸਾਰੀਆਂ ਹਰਿਆਣਾ ਯੂਨੀਵਰਸਿਟੀਆਂ ਦੇ ਵਾਈਸ-ਚਾਂਸਲਰ ਸ਼ਾਮਲ ਹੋਏ।
ਬੈਠਕ ਦੌਰਾਨ ਮੁੱਖ ਮੰਤਰੀ ਨੇ ਇਸ ਵਿੱਤੀ ਸਾਲ ਦੇ ਬਜਟ ‘ਚ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਐਲਾਨਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਯੂਨੀਵਰਸਿਟੀ ਦੇ ਸਾਰੇ ਬਜਟ ਐਲਾਨ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰੇ ਕੀਤੇ ਜਾਣ ਤਾਂ ਜੋ ਯੂਨੀਵਰਸਿਟੀਆਂ ਅਤੇ ਕਾਲਜਾਂ ਸਮੇਤ ਵਿਦਿਆਰਥੀ ਭਾਈਚਾਰਾ ਇਨ੍ਹਾਂ ਦਾ ਜਲਦੀ ਲਾਭ ਲੈ ਸਕੇ।
ਮੁੱਖ ਮੰਤਰੀ ਨੇ ਵਾਈਸ-ਚਾਂਸਲਰਾਂ ਨੂੰ ਆਪਣੇ ਪਲੇਸਮੈਂਟ ਸੈੱਲਾਂ ਨੂੰ ਪੂਰੀ ਤਰ੍ਹਾਂ ਸਰਗਰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿਦਿਆਰਥੀ ਯੂਨੀਵਰਸਿਟੀ ਜਾਂ ਕਾਲਜ ਪੱਧਰ ‘ਤੇ ਰੁਜ਼ਗਾਰ ਲੱਭ ਸਕਣ। ਉਨ੍ਹਾਂ ਨੇ ਹਰੇਕ ਯੂਨੀਵਰਸਿਟੀ ਨੂੰ ਇਹ ਜਾਣਕਾਰੀ ਇਕੱਠੀ ਕਰਨ ਦੀ ਵੀ ਅਪੀਲ ਕੀਤੀ ਕਿ ਉਨ੍ਹਾਂ ਦੇ ਕਿੰਨੇ ਵਿਦਿਆਰਥੀ ਵਿਦੇਸ਼ਾਂ ‘ਚ ਕੰਮ ਕਰ ਰਹੇ ਹਨ, ਕਿੰਨੇ ਨੇ ਸਟਾਰਟਅੱਪ ਸ਼ੁਰੂ ਕੀਤੇ ਹਨ, ਜਾਂ ਹੋਰ ਖੇਤਰਾਂ ‘ਚ ਮਹੱਤਵਪੂਰਨ ਸਫਲਤਾ ਪ੍ਰਾਪਤ ਕੀਤੀ ਹੈ। ਇਹ ਸਾਰੀ ਜਾਣਕਾਰੀ ਇਕੱਠੀ ਕਰਨ ਲਈ ਇੱਕ ਕੇਂਦਰੀਕ੍ਰਿਤ ਡੈਸ਼ਬੋਰਡ ਬਣਾਇਆ ਜਾਣਾ ਚਾਹੀਦਾ ਹੈ, ਜੋ ਭਵਿੱਖ ਦੀਆਂ ਯੋਜਨਾਵਾਂ ਬਣਾਉਣ ਵਿੱਚ ਮਦਦਗਾਰ ਹੋਵੇਗਾ।
ਬੈਠਕ ‘ਚ ਮੌਜੂਦ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ 20 ਕਰੋੜ ਰੁਪਏ ਦੇ ਖੋਜ ਅਤੇ ਨਵੀਨਤਾ ਫੰਡ ਦੀ ਸਥਾਪਨਾ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ, ਜਿਸਨੇ ਖੋਜ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਅਜਿਹਾ ਫੰਡ ਸਥਾਪਤ ਕੀਤਾ ਹੈ। ਇਹ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ‘ਤੇ ਖੋਜ ਕਰਨ ‘ਚ ਮੱਦਦ ਕਰੇਗਾ। ਮੁੱਖ ਮੰਤਰੀ ਨੇ ਵਾਈਸ ਚਾਂਸਲਰਾਂ ਨੂੰ ਬੇਨਤੀ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਸਮਾਜਿਕ ਸਰੋਕਾਰਾਂ ਨਾਲ ਸਬੰਧਤ ਵਿਸ਼ਿਆਂ ‘ਤੇ ਖੋਜ ਕਰਨ ਲਈ ਵੀ ਉਤਸ਼ਾਹਿਤ ਕਰਨ।
ਸੂਬੇ ਦੇ ਕੁੱਲ ਦਾਖਲਾ ਅਨੁਪਾਤ ਨੂੰ ਮੌਜੂਦਾ 33 ਪ੍ਰਤੀਸ਼ਤ ਤੋਂ ਵਧਾ ਕੇ 50 ਪ੍ਰਤੀਸ਼ਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਤਹਿਤ, ਇਹ ਐਲਾਨ ਕੀਤਾ ਗਿਆ ਹੈ ਕਿ ਸੂਬੇ ਦੇ ਹਰੇਕ ਪਛਾਣੇ ਗਏ ਜ਼ਿਲ੍ਹੇ ‘ਚ ਇੱਕ ਮਾਡਲ ਸੰਸਕ੍ਰਿਤੀ ਕਾਲਜ ਖੋਲ੍ਹਿਆ ਜਾਵੇਗਾ।
Read More: CM ਨਾਇਬ ਸੈਣੀ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਾਗਰਿਕ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਹੁਕਮ