Site icon TheUnmute.com

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

RTA

ਚੰਡੀਗੜ੍ਹ 18 ਅਗਸਤ 2022: ਪੰਜਾਬ ਸਰਕਾਰ ਵਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਤਹਿਤ ਵਿਜੀਲੈਂਸ ਬਿਊਰੋ (Vigilance Bureau) ਪੰਜਾਬ ਨੇ ਅੱਜ ਪੁਲਿਸ ਚੌਕੀ ਵਰਧਮਾਨ, ਬਠਿੰਡਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਨੰਬਰ 1320/ਬਠਿੰਡਾ) ਨੂੰ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜਮ ਹੌਲਦਾਰ ਵਿਨੋਦ ਕੁਮਾਰ ਨੂੰ ਕੁਲਦੀਪ ਸਿੰਘ ਵਾਸੀ ਪਿੰਡ ਬੁਲਾਡੇਵਾਲਾ, ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸਟੇਟ ਐਂਟੀ ਕੁਰੱਪਸ਼ਨ ਹੈਲਪਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਉਕਤ ਹੌਲਦਾਰ ਨੇ ਉਸਦੇ ਦੋਸਤ ਜਗੀਰ ਸਿੰਘ ਵਾਸੀ ਨਰੂਆਣਾ ਰੋਡ, ਬਠਿੰਡਾ ਨੂੰ ਵਰਧਮਾਨ ਪੁਲਿਸ ਚੌਕੀ ਦੀ ਪੁਲਿਸ ਹਿਰਾਸਤ ‘ਚੋਂ ਛੁਡਾਉਣ ਬਦਲੇ 1000 ਰੁਪਏ ਦੀ ਰਿਸ਼ਵਤ ਲਈ ਹੈ। ਉਸਨੇ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਵਿਨੋਦ ਕੁਮਾਰ ਨੇ ਜਗੀਰ ਸਿੰਘ ਨੂੰ ਰਿਹਾਅ ਕਰਨ ਲਈ ਪਹਿਲਾਂ 5,000 ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 1,000 ਰੁਪਏ ਵਿੱਚ ਤੈਅ ਹੋਇਆ ਸੀ।

ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਹੌਲਦਾਰ ਵਿਨੋਦ ਕੁਮਾਰ ਨੂੰ ਰਿਸ਼ਵਤਖੋਰੀ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਐਫ.ਆਈ.ਆਰ ਨੰਬਰ 07 ਮਿਤੀ 18-08-2022 ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Exit mobile version