ਚੰਡੀਗੜ੍ਹ, 2 ਜਨਵਰੀ 2025: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਥਾਣਾ ਸੰਗਤ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਨੂੰ 70,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਵਿਜੀਲੈਂਸ ਬਿਓਰੋ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਦੇ ਖਿਲਾਫ ਬਠਿੰਡਾ ਜ਼ਿਲੇ ਦੇ ਪਿੰਡ ਪਥਰਾਲਾ ਦੇ ਰਹਿਣ ਵਾਲੇ ਜਗਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਉਕਤ ਪੁਲਿਸ ਮੁਲਾਜ਼ਮ ਖਿਲਾਫ ਮਾਮਲਾ ਦਰਜ ਕੀਤਾ ਹੈ।
ਵਿਜੀਲੈਂਸ ਬਿਓਰੋ (Vigilance Bureau) ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੂਚਿਤ ਕੀਤਾ ਸੀ ਕਿ ਉਸਦਾ ਦੋਸਤ ਇੱਕ ਕੇਸ ‘ਚ ਬਠਿੰਡਾ ਜੇਲ੍ਹ ‘ਚ ਬੰਦ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਧਮਕੀ ਦਿੱਤੀ ਸੀ ਕਿ ਉਹ ਆਪਣੇ ਦੋਸਤ ਦੀ ਪਤਨੀ ਦਾ ਨਾਮ ਵੀ ਇਸ ਕੇਸ ‘ਚ ਸ਼ਾਮਲ ਕਰ ਦੇਵੇਗਾ। ਇਸ ਤੋਂ ਬਚਣ ਲਈ ਪੁਲਿਸ ਮੁਲਾਜ਼ਮ ਨੇ 1,50,000 ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 70,000 ਰੁਪਏ ‘ਚ ਤੈਅ ਹੋ ਗਿਆ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ‘ਚ ਸ਼ਿਕਾਇਤਕਰਤਾ ਪਾਸੋਂ ਰਿਸ਼ਵਤ ਦੀ ਰਕਮ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਮੁਲਾਜਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Read More: ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 15 JBT ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ