Site icon TheUnmute.com

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਸੇਵਾਵਾਂ ਸੰਬੰਧੀ ਸਿਵਲ ਸਰਜਨਾਂ ਨੂੰ ਦਿੱਤੀਆਂ ਹਦਾਇਤਾਂ

Civil Surgeons

ਚੰਡੀਗੜ੍ਹ, 24 ਦਸੰਬਰ 2024: ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਪੰਜਾਬ ਵਾਸੀਆਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਮੂਹ ਸਿਵਲ ਸਰਜਨਾਂ (Civil Surgeons) ਨੂੰ ਹਦਾਇਤ ਕੀਤੀ ਹੈ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ‘ਚ ਜ਼ਰੂਰੀ ਦਵਾਈਆਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਤਾਂ ਜੋ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਰਾਹਤ ਮਿਲ ਸਕੇ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਬੀਤੇ ਦਿਨ ਸਿਵਲ ਸਰਜਨਾਂ (Civil Surgeons) ਲਈ ਇੱਕ ਕਾਨਫਰੰਸ-ਕਮ-ਸਿਖਲਾਈ ਵਰਕਸ਼ਾਪ ‘ਚ ਸਾਰੇ ਸਿਵਲ ਸਰਜਨਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਹਸਪਤਾਲ ਦੇ ਸਟਾਫ਼ ਨੂੰ ਮਰੀਜ਼ਾਂ ਅਤੇ ਉਨ੍ਹਾਂ ਦੀ ਦੇਖਭਾਲ ਲਈ ਆਉਣ ਵਾਲੇ ਵਿਅਕਤੀਆਂ ਪ੍ਰਤੀ ਨਿਮਰਤਾ ਨਾਲ ਪੇਸ਼ ਆਉਣਾ ਚਾਹੀਦਾ ਹੈ ਤਾਂ ਜੋ ਸਰਕਾਰੀ ਸਿਹਤ ਸੰਸਥਾਵਾਂ ‘ਚ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ​​ਹੋ ਸਕੇ। ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲੋੜੀਂਦੇ ਫੰਡਾਂ ਨੂੰ ਯਕੀਨੀ ਬਣਾਇਆ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਨਰਸਿੰਗ ਦੀਆਂ ਵਿਦਿਆਰਥਣਾਂ ਨੂੰ ਬਲੱਡ ਪ੍ਰੈਸ਼ਰ, ਐਚ.ਬੀ. ਪੱਧਰ ਅਤੇ ਅੱਖਾਂ ਦੀ ਜਾਂਚ ਦੀ ਸਿਖਲਾਈ ਦਿੱਤੀ ਜਾਵੇ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਵਰਤੋਂ ਹਸਪਤਾਲਾਂ ‘ਚ ਮਰੀਜ਼ਾਂ ਅਤੇ ਉਨ੍ਹਾਂ ਦੇ ਸੇਵਾਦਾਰਾਂ ਦੀ ਸਹਾਇਤਾ ਲਈ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਿਸੇ ਵੀ ਦੁਰਘਟਨਾ ਜਾਂ ਐਮਰਜੈਂਸੀ ਦੀ ਸਥਿਤੀ ‘ਚ ਦੂਜਿਆਂ ਦੀ ਮੱਦਦ ਕਰਨ ਦੇ ਯੋਗ ਬਣਾਉਣ ਲਈ ਫਸਟ ਏਡ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨਰਸਿੰਗ ਦੇ ਵਿਦਿਆਰਥੀਆਂ ਨੂੰ ਮੱਛਰ ਦੇ ਲਾਰਵੇ ਦੀ ਪਛਾਣ ਕਰਨ ਲਈ ਬ੍ਰੀਡਿੰਗ ਚੈਕਰ ਵਜੋਂ ਸਿਖਲਾਈ ਦਿੱਤੀ ਜਾਵੇਗੀ, ਜੋ ਕਿ ਅਗਲੇ ਮਾਨਸੂਨ ਸੀਜ਼ਨ ‘ਚ ਡੇਂਗੂ ਦੇ ਮਾਮਲਿਆਂ ਨੂੰ ਕੰਟਰੋਲ ਕਰਨ ‘ਚ ਮੱਦਦ ਕਰੇਗਾ।

ਪੀਐਚਐਸਸੀ ਦੇ ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਸਿਹਤ ਸੰਸਥਾਵਾਂ ਦੀ ਦੇਖਭਾਲ ਅਤੇ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਾਫ਼-ਸੁਥਰਾ ਅਤੇ ਸੁਚੱਜਾ ਵਾਤਾਵਰਨ ਬੇਹੱਦ ਜ਼ਰੂਰੀ ਹੈ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਕੁਮਾਰ ਰਾਹੁਲ ਨੇ ਦੱਸਿਆ ਕਿ ਪੰਜਾਬ ‘ਚ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਮਰੀਜ਼ਾਂ ਦੀ ਫੀਡਬੈਕ ਦੇ ਆਧਾਰ ’ਤੇ ਇਹ ਸਰਵੇਖਣ ਕੀਤਾ ਹੈ। ਉਨ੍ਹਾਂ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ‘ਚ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਮਾਪਦੰਡਾਂ ‘ਚ ਸੁਧਾਰ ਕੀਤਾ ਜਾਵੇ।

ਅਨੁਰਾਗ ਕੁੰਡੂ, ਮੈਂਬਰ, ਪੰਜਾਬ ਵਿਕਾਸ ਕਮਿਸ਼ਨ ਨੇ ਰਾਜ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਦੇ ਮਰੀਜ਼ਾਂ ਦੇ ਫੀਡਬੈਕ ਦੇ ਆਧਾਰ ‘ਤੇ ਕੀਤੇ ਗਏ ਵਿਸਤ੍ਰਿਤ ਸਰਵੇਖਣ ਦੇ ਨਤੀਜੇ ਪੇਸ਼ ਕੀਤੇ। ਇਸ ਦੇ ਜਵਾਬ’ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਨੂੰ ਸਰਵੇਖਣ ‘ਚ ਪਾਈਆਂ ਗਈਆਂ ਕਮਜ਼ੋਰੀਆਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ।

Read more: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੇਂਦਰੀ ਮੰਤਰੀ ਨੂੰ 5 ਨਵੇਂ ਪੁਲ ਬਣਾਉਣ ਦੀ ਮੰਗ

Exit mobile version