Flood

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਲਿਆ ਜਾਇਜ਼ਾ

ਪਟਿਆਲਾ, 19 ਅਗਸਤ 2023: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹਾਂ (Flood) ਤੋਂ ਪ੍ਰਭਾਵਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਇਸ ਮੌਕੇ ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੌਰਾਨ ਲੋਕਾਂ ਦੇ ਬਚਾਅ ਤੇ ਰਾਹਤ ਕਾਰਜਾਂ ਸਮੇਤ ਹੜ੍ਹਾਂ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਕੀਤੇ ਸ਼ਲਾਘਾਯੋਗ ਕੰਮ ਲਈ ਸਮੂਹ ਅਧਿਕਾਰੀਆਂ ਦੀ ਪ੍ਰਸ਼ੰਸਾ ਕੀਤੀ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾਈ ਸਰਕਾਰ ਹੜ੍ਹਾਂ (Flood) ਤੋਂ ਬਾਅਦ ਪ੍ਰਭਾਵਤ ਲੋਕਾਂ ਨੂੰ ਮੁਆਵਜਾ ਦੇਣ ਸਮੇਤ ਨੁਕਸਾਨੇ ਗਏ ਬੁਨਿਆਦੀ ਢਾਂਚੇ ਦੀ ਜਲਦ ਮੁੜ ਉਸਾਰੀ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਹੁਣ ਕੀਤੇ ਜਾਣ ਵਾਲੇ ਕੰਮਾਂ ਲਈ ਰਣਨੀਤੀ ਦਾ ਜਾਇਜ਼ਾ ਲਿਆ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਸਮੁੱਚਾ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਦਿਨ ਰਾਤ ਲੱਗਿਆ ਹੋਇਆ ਹੈ।

ਸਿਹਤ ਮੰਤਰੀ ਨੇ ਅਬਲੋਵਾਲ ਵਿਖੇ ਸ੍ਰੀ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਦੀ ਸਮੀਖਿਆ ਕਰਨ ਲਈ ਡੇਅਰੀ ਮਾਲਕਾਂ ਸਮੇਤ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੀ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਪ੍ਰਾਜੈਕਟ ਨੂੰ ਕਾਮਯਾਬ ਕਰਨ ਬਾਰੇ ਦੁਧਾਰੂ ਪਸ਼ੂਆਂ ਲਈ ਬੈਂਕ ਕਰਜਿਆਂ, ਵੈਟਰਨਰੀ ਕਲੀਨਿਕ, ਚਾਰਾ, ਪਸ਼ੂ ਮੰਡੀ, ਵੇਰਕਾ ਮਿਲਕਿੰਗ ਸੈਂਟਰ ਤੇ ਬਿਜਲੀ ਦੀਆਂ ਹਾਈ ਟੈਨਸ਼ਨ ਤਾਰਾਂ ਆਦਿ ਬਾਰੇ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੱਤੀ।

ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਮਸਲੇ ਮਿਥੇ ਸਮੇਂ ਦੇ ਅੰਦਰ-ਅੰਦਰ ਹੱਲ ਕਰਕੇ ਨਗਰ ਨਿਗਮ ਦੀ ਹਦੂਦ ਅੰਦਰ ਚੱਲ ਰਹੀਆਂ ਡੇਅਰੀਆਂ ਨੂੰ ਇਸ ਪ੍ਰਾਜੈਕਟ ਵਿਖੇ ਤਬਦੀਲ ਕਰਨ ਲਈ ਕਾਰਵਾਈ ਅਮਲ ‘ਚ ਲਿਆਂਦੀ ਜਾਵੇ। ਉਨ੍ਹਾਂ ਨੇ ਡੇਅਰੀ ਮਾਲਕਾਂ ਦੀ ਜਥੇਬੰਦੀ ਦੀ ਸ਼ਲਾਘਾ ਕਰਦਿਆਂ ਉਮੀਦ ਜਤਾਈ ਕਿ ਇਨ੍ਹਾਂ ਦੇ ਸਹਿਯੋਗ ਨਾਲ ਹੁਣ ਇਹ ਪ੍ਰਾਜੈਕਟ ਬਹੁਤ ਜਲਦ ਸ਼ੁਰੂ ਹੋ ਜਾਵੇਗਾ।

ਡਾ. ਬਲਬੀਰ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਪਾਸੋਂ ਪਟਿਆਲਾ ਦਿਹਾਤੀ ਹਲਕੇ ਅੰਦਰ ਬਕਾਇਆ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਹਾਸਲ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਸਾਰੇ ਕੰਮ ਮਿੱਥੇ ਸਮੇਂ ਦੇ ਅੰਦਰ-ਅੰਦਰ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੇ ਜਾਣ।

ਇਸ ਮੌਕੇ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਥਿੰਦ, ਐਸ.ਪੀ. ਸਿਟੀ ਮੁਹੰਮਦ ਸਰਫਰਾਜ਼ ਆਲਮ ਐਸ.ਡੀ.ਐਮ ਡਾ. ਇਸਮਤ ਵਿਜੇ ਸਿੰਘ ਤੇ ਤਰਸੇਮ ਚੰਦ, ਸਿਵਲ ਸਰਜਨ ਡਾ. ਰਮਿੰਦਰ ਕੌਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਏ.ਸੀ.ਐਫ.ਏ. ਰਾਕੇਸ਼ ਗਰਗ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Scroll to Top