Site icon TheUnmute.com

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੰਡੀਆਂ ਦਾ ਦੌਰਾ, ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਝੋਨੇ ਦੀ ਖਰੀਦ

ਨਾਭਾ, ਪਟਿਆਲਾ, 8 ਅਕਤੂਬਰ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰੋਹਟੀ ਬਸਤਾ, ਧੰਗੇੜਾ ਤੇ ਮੰਡੌਰ ਖਰੀਦ ਕੇਂਦਰਾਂ ਦਾ ਦੌਰਾ ਕਰਕੇ ਜਿੱਥੇ ਝੋਨੇ ਦੀ ਚੱਲ ਰਹੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ, ਉਥੇ ਹੀ ਉਨ੍ਹਾਂ ਨੇ ਕਿਸਾਨਾਂ, ਆੜਤੀਆਂ ਤੇ ਲੇਬਰ ਨਾਲ ਵੀ ਗੱਲਬਾਤ ਕੀਤੀ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਚਾਲੂ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਂਦੇ ਹੈ ਤੇ ਮੰਡੀਆਂ ਵਿੱਚ ਵਿਕਣ ਲਈ ਆਏ ਝੋਨੇ ਦੀ ਖਰੀਦ, ਅਦਾਇਗੀ ਤੇ ਚੁਕਾਈ ਨਾਲੋ-ਨਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਕਿਸਾਨ ਮੰਡੀਆਂ ਦੇ ਪ੍ਰਬੰਧ ਤੋਂ ਪੂਰੇ ਖੁਸ਼ ਹਨ ਤੇ ਸਰਕਾਰ ਦੀ ਸ਼ਲਾਘਾ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਸਿਰੇ ਚੜ੍ਹਾਇਆ ਜਾ ਰਿਹਾ ਹੈ ਅਤੇ ਕਿਸੇ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਅਫ਼ਸੋਸ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਦਿਹਾਤੀ ਵਿਕਾਸ ਫੰਡ 6000 ਕਰੋੜ ਰੁਪਏ ਰੋਕੇ ਹੋਏ ਹਨ ਜਿਸ ਲਈ ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਗਈ ਹੈ, ਕਿਉਂਕਿ ਇਹ ਫੰਡ ਰੁਕਣ ਨਾਲ ਸੂਬੇ ਦੇ ਪਿੰਡਾਂ ਦੇ ਵਿਕਾਸ ਕਾਰਜ ਪ੍ਰਭਾਵਤ ਹੋਏ ਹਨ।

ਸਿਹਤ ਮੰਤਰੀ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਪਰਾਲੀ ਸਾੜਨ ਦੀ ਬਜਾਇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਖੇਤੀ ਸੰਦਾਂ, ਸੁਪਰ ਸੀਡਰ, ਹੈਪੀ ਸੀਡਰ ਤੇ ਸਰਫੇਸ ਸੀਡਰ ਸਮੇਤ ਬੇਲਰ ਦੀ ਵਰਤੋਂ ਕਰਨ ਕਿਉਂਕਿ ਇਸ ਲਈ ਪੰਜਾਬ ਸਰਕਾਰ ਨੇ ਅਗੇਤੇ ਪ੍ਰਬੰਧ ਕੀਤੇ ਹੋਏ ਹਨ। ਇਕ ਮੌਕੇ ਕਰਨਲ ਜੇ.ਵੀ ਸਿੰਘ, ਐਸ.ਡੀ.ਐਮ. ਤਰਸੇਮ ਚੰਦ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Exit mobile version