ਘਨੌਰ 4 ਸਤੰਬਰ 2025 : ਪਹਾੜੀ ਖੇਤਰਾਂ ਵਿੱਚ ਪਈ ਬਰਸਾਤ ਅਤੇ ਡੈਮਾਂ ਵਿਚੋਂ ਛੱਡੇ ਪਾਣੀ ਕਾਰਨ ਪੰਜਾਬ (punjkab) ਦੇ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਕਾਰਨ ਕੇਂਦਰ ਸਰਕਾਰ ਹੜ੍ਹਾਂ ਦੇ ਸਥਾਈ ਹੱਲ ਵੱਲ ਧਿਆਨ ਦੇਵੇ। ਸਿਹਤ ਮੰਤਰੀ ਸਰਾਲਾ ਹੈਡ ਦਾ ਦੌਰਾ ਕਰਕੇ ਘੱਗਰ ਦੇ ਵਹਾਅ ਦੀ ਸਥਿਤੀ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ। ਉਨ੍ਹਾਂ ਨੇ ਇਸੇ ਦੌਰਾਨ ਕਮਿਊਨਿਟੀ ਹੈਲਥ ਸੈਂਟਰ ਘਨੌਰ ਦਾ ਦੌਰਾ ਕਰਦਿਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਵੀ ਲਿਆ।
ਡਾ ਬਲਬੀਰ ਸਿੰਘ (dr. balbir singh) ਨੇ ਕਿਹਾ ਕਿ ਹੜ੍ਹਾਂ ਦੀ ਸਮੱਸਿਆ ਇਕੱਲੇ ਪੰਜਾਬ ਦੀ ਨਹੀਂ ਸਗੋਂ ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ ਕਸ਼ਮੀਰ ਸਮੇਤ ਹੋਰਨਾਂ ਰਾਜਾਂ ਦੀ ਵੀ ਹੈ ਇਸ ਲਈ ਸਾਰੇ ਰਾਜਾਂ ਨੂੰ ਇਕੱਠੇ ਬਿਠਾ ਕੇ ਕੇਂਦਰ ਹੜ੍ਹਾਂ ਦੀ ਸਮੱਸਿਆ ਦਾ ਸਥਾਈ ਹੱਲ ਕਰੇ।
ਸਿਹਤ ਮੰਤਰੀ ਡਾ. ਬਲਬੀਰ ਸਿੰਘ (dr. balbir singh) ਨੇ ਮੌਕੇ ’ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜੀ ਹੈ ਤੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰੇਕ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੀ.ਐਚ.ਸੀ. ਘਨੌਰ ਸਮੇਤ ਹੋਰ ਨੇੜਲੇ ਹਸਪਤਾਲਾਂ ਵਿੱਚ 24 ਘੰਟੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਐਮਰਜੈਂਸੀ ਡਿਊਟੀ ਲਈ ਹੋਰ ਡਾਕਟਰਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ ਤੇ ਸੀ.ਐਚ.ਸੀ. ਵਿੱਚ 24 ਘੰਟੇ ਡਾਕਟਰ ਤੇ ਸਟਾਫ਼ ਤਾਇਨਾਤ ਰਹੇਗਾ। ਉਨ੍ਹਾਂ ਕਿਹਾ ਕਿ ਪਾਣੀ ਲਈ ਕਲੋਰੀਨ ਦੀਆਂ ਗੋਲੀਆਂ ਦਿੱਤੀਆਂ ਜਾ ਰਹੀਆਂ ਹਨ।ਇਸ ਤੋਂ ਇਲਾਵਾ ਮੋਬਾਇਲ ਟੀਮਾਂ, ਰੈਪਿਡ ਰਿਸਪਾਂਸ ਟੀਮਾਂ ਸਮੇਤ ਦਵਾਈਆਂ ਉਪਲਬਧ ਹਨ। ਉਨ੍ਹਾਂ ਸਿਹਤ ਸਟਾਫ਼ ਨੂੰ ਇਸ ਔਖੀ ਘੜੀ ਵਿੱਚ ਪੂਰੀ ਸਮਰਥਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਸਿਹਤ ਮੰਤਰੀ ਨੇ ਕਿਹਾ ਕਿ ਲਗਾਤਾਰ ਘੱਗਰ ਦੇ ਕੈਚਮੈਂਟ ਖੇਤਰ ਵਿੱਚ ਬਰਸਾਤ ਹੋਣ ਕਾਰਨ ਘੱਗਰ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਘਬਰਾਹਟ ਵਿੱਚ ਨਾ ਆਉਣ ਸਗੋਂ ਚੌਕਸ ਰਹਿਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਿਰੰਤਰ ਕੰਮ ਕਰ ਰਿਹਾ ਹੈ ਤੇ ਪ੍ਰਸ਼ਾਸਨ ਵੱਲੋਂ ਸਮੇਂ ਸਮੇਂ ’ਤੇ ਸਲਾਹਕਾਰੀ ਜਾਰੀ ਕੀਤੀ ਜਾ ਰਹੀ ਹੈ।
ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਵਿੱਕੀ ਘਨੌਰ, ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ ਤੇ ਡਰੇਨੇਜ ਵਿਭਾਗ ਦੇ ਐਸ.ਈ ਰਜਿੰਦਰ ਘਈ ਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Read More: ਨਦੀਆਂ ‘ਚ ਵਾਧੂ ਪਾਣੀ ਆਉਣ ਕਰਕੇ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਚੌਕਸ




