ਚੰਡੀਗੜ੍ਹ, 12 ਅਗਸਤ 2024: ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (MP Charanjit Singh Channi) ਖ਼ਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਦਾਇਰ ਪਟੀਸ਼ਨ ‘ਤੇ ਅੱਜ ਸੁਣਵਾਈ ਹੋਣ ਜਾ ਰਹੀ ਹੈ। ਚੰਨੀ ਖ਼ਿਲਾਫ ਇਹ ਪਟੀਸ਼ਨ ਭਾਜਪਾ ਆਗੂ ਗੌਰਵ ਲੂਥਰਾ ਨੇ ਐਡਵੋਕੇਟ ਮਨੀਤ ਮਲਹੋਤਰਾ ਰਾਹੀਂ ਹਾਈ ਕੋਰਟ ‘ਚ ਦਾਇਰ ਕੀਤੀ ਹੈ। ਪਟੀਸ਼ਨ ‘ਚ ਉਨ੍ਹਾਂ ਨੇ ਲੋਕ ਪ੍ਰਤੀਨਿਧਤਾ ਐਕਟ ਤਹਿਤ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ।
ਭਾਜਪਾ ਆਗੂ ਗੌਰਵ ਲੂਥਰਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਚਰਨਜੀਤ ਸਿੰਘ ਚੰਨੀ (MP Charanjit Singh Channi) ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੇ ਨਾਮਜ਼ਦਗੀ ਫਾਰਮ ਭਰਦੇ ਸਮੇਂ ਕਾਫੀ ਜਾਣਕਾਰੀਆਂ ਛੁਪਾ ਦਿੱਤੀਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਖਰਚੇ ਦਾ ਸਹੀ ਵੇਰਵਾ ਵੀ ਕਮਿਸ਼ਨ ਨੂੰ ਨਹੀਂ ਸੌਂਪਿਆ ਹੈ।