ਚੰਡੀਗੜ੍ਹ, 14 ਜੂਨ, 2024: ਪੰਜਾਬ ‘ਚ ਅੱਤ ਦੀ ਗਰਮੀ ਦਾ ਕਹਿਰ ਜਾਰੀ ਹੈ | ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟ ਵੇਵ (Heat Wave) ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚੋਂ 19 ਲਈ ਯੈਲੋ ਅਲਰਟ ਅਤੇ 2 ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਲੂ ਅਤੇ ਗਰਮੀ (Heat Wave) ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਖਪਤ ਵਧੀ ਹੈ। ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਨੂੰ ਛੂਹ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ।
ਇਸਦੇ ਨਾਲ ਹੀ ਪੰਜਾਬ ਦੇ 2 ਜ਼ਿਲ੍ਹਿਆਂ ਵਿੱਚ ਅੱਜ ਅੱਤ ਦੀ ਗਰਮੀ ਪੈ ਸਕਦੀ ਹੈ। ਇਨ੍ਹਾਂ ਵਿੱਚ ਲੁਧਿਆਣਾ ਅਤੇ ਬਰਨਾਲਾ ਸ਼ਾਮਲ ਹਨ। ਮੌਸਮ ਵਿਭਾਗ ਵੱਲੋਂ ਦੋਵਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।




