ਚੰਡੀਗੜ੍ਹ, 21 ਜੂਨ 2023: ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਆਈਏਐਸ ਅਧਿਕਾਰੀ ਸੰਜੇ ਪੋਪਲੀ (IAS Sanjay Popli) ਨੂੰ 6 ਦਿਨਾਂ ਲਈ ਜ਼ਮਾਨਤ ਦੇ ਦਿੱਤੀ ਹੈ। ਵਿਜੀਲੈਂਸ ਦੀ ਜਾਂਚ ਦੌਰਾਨ ਸੰਜੇ ਪੋਪਲੀ ਦੇ ਬੇਟੇ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ, ਉਸਦੀ ਪਹਿਲੀ ਬਰਸੀ ਅਤੇ ਪਤਨੀ ਦੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।
ਹਾਈਕੋਰਟ ਨੇ ਪੋਪਲੀ ਨੂੰ ਪੁੱਤਰ ਦੀ ਬਰਸੀ ਮੌਕੇ 23 ਜੂਨ ਤੋਂ 28 ਜੂਨ ਤੱਕ ਸ਼ਰਤੀਆ ਜ਼ਮਾਨਤ ਦੇ ਦਿੱਤੀ ਹੈ। ਵਿਜੀਲੈਂਸ ਵੱਲੋਂ ਫੜੇ ਜਾਣ ਤੋਂ ਬਾਅਦ ਪੋਪਲੀ ਪਿਛਲੇ ਇੱਕ ਸਾਲ ਤੋਂ ਜੇਲ੍ਹ ਵਿੱਚ ਹੈ। ਭ੍ਰਿਸ਼ਟਾਚਾਰ ਵਿੱਚ ਫੜੇ ਜਾਣ ਤੋਂ ਬਾਅਦ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੇ ਪਹਿਲਾਂ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਅਤੇ ਫਿਰ ਹਾਈਕੋਰਟ ਵਿੱਚ ਵੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਪਰ ਅਦਾਲਤ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।