July 7, 2024 2:27 am
High Court

Punjab News: ਹਾਈਕੋਰਟ ਵੱਲੋਂ ਪਰਮਰਾਜ ਉਮਰਾਨੰਗਲ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਸਖ਼ਤ ਹੁਕਮ ਜਾਰੀ

ਚੰਡੀਗੜ੍ਹ, 04 ਜੁਲਾਈ 2024: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ (IG Paramraj Singh Umranangal) ਨਾਲ ਸੰਬੰਧਿਤ ਮਾਮਲੇ ‘ਚ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ | ਹਾਈਕੋਰਟ ਦਾ ਕਹਿਣਾ ਹੈ ਕਿ ਹੁਕਮਾਂ ਜਾਰੀ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਉਮਰਾਨੰਗਲ ਨੂੰ ਮੁੜ ਜੁਆਇਨ ਨਹੀਂ ਕਰਵਾਇਆ | ਦੂਜੇ ਪਾਸੇ ਪੰਜਾਬ ਸਰਕਾਰ ਨੇ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਲਈ 15 ਦਿਨਾਂ ਦਾ ਸਮਾਂ ਮੰਗਿਆ ਹੈ |

ਹਾਈਕੋਰਟ ਮੁਤਾਬਕ ਅਦਾਲਤ ਦੇ ਹੁਕਮਾਂ ਦੇ ਪਾਲਣਾ ਨਾ ਕਰਨ ਦੀ ਸੂਰਤ ‘ਚ ਸਖ਼ਤ ਕਾਰਵਾਈ ਕੀਤੀ ਜਾਵੇਗੀ | ਜਿਕਰਯੋਗ ਹੈ ਕਿ 2019 ਦੇ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ (IG Paramraj Singh Umranangal) ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ ਬਾਅਦ ‘ਚ ਉਨ੍ਹਾਂ ਨੂੰ ਬਰਖ਼ਾਸਤ ਕਰ ਦਿੱਤਾ ਸੀ |

ਉਮਰਾਨੰਗਲ ਨੇ 5 ਮਹੀਨੇ ਪਹਿਲਾਂ ਬਰਖ਼ਾਸਤ ਕਰਨ ਦੇ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ ਅਤੇ ਹਾਈਕੋਰਟ ਨੇ ਉਮਰਾਨੰਗਲ ਦੇ ਹੱਕ ‘ਚ ਫੈਸਲਾ ਦਿੱਤਾ ਸੀ ਅਤੇ ਉਨ੍ਹਾਂ ਨੂੰ ਮੁੜ ਜੁਆਇਨ ਕਰਨ ਦੇ ਹੁਕਮ ਦਿੱਤੇ ਸਨ | ਇਸਦੇ ਨਾਲ ਹੀ ਇਥੇ ਜਿਕਰਯੋਗ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਾਲਾ ਅਫਗਾਨਾ ‘ਚ ਇੱਕ ਕਥਿਤ ਮੁਕਾਬਲੇ ‘ਚ ਪਰਮਰਾਜ ਸਿੰਘ ਉਮਰਾਨੰਗਲ ਅਤੇ ਦੋ ਹੋਰ ਪੁਲਿਸ ਮੁਲਾਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ, ਜਿਸਦਾ ਮਾਮਲਾ ਹਾਈਕੋਰਟ ‘ਚ ਚੱਲ ਰਿਹਾ ਹੈ |