ਚੰਡੀਗੜ੍ਹ, 03 ਜੂਨ 2023: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ (Bharat Inder Singh Chahal) ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭਰਤ ਇੰਦਰ ਸਿੰਘ ਚਾਹਲ ਨੂੰ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ |
ਇਸਦੇ ਨਾਲ ਹੀ ਹਾਈਕੋਰਟ ਨੇ ਭਰਤ ਇੰਦਰ ਚਾਹਲ ਨੂੰ ਹਦਾਇਤ ਕੀਤੀ ਹੈ ਕਿ ਉਹ ਵਿਜੀਲੈਂਸ ਬਿਊਰੋ ਅੱਗੇ ਪੂਰਾ ਰਿਕਾਰਡ ਲੈ ਕੇ ਪੇਸ਼ ਹੋਣ | ਹਾਈਕੋਰਟ ਨੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਇਹ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਵਿਚ ਆਪਣੀ ਜਾਂਚ ਰਿਪੋਰਟ ਹਾਈਕੋਰਟ ਨੂੰ ਸੌਂਪੇ | ਜਿਸ ਵੱਲੋਂ ਐਫ ਆਈ ਆਰ ਬਾਰੇ ਫੈਸਲਾ ਲਿਆ ਜਾਵੇਗਾ।
ਆਮਦਨ ਦੇ ਸਰੋਤ ਅਤੇ ਜਾਇਦਾਦ ਬਾਰੇ ਸ਼ੱਕ ਹੋਣ ਕਾਰਨ ਵਿਜੀਲੈਂਸ ਨੇ ਭਰਤ ਇੰਦਰ ਸਿੰਘ ਚਾਹਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਈ ਵਾਰ ਨੋਟਿਸ ਦਿੱਤੇ ਸਨ। ਪਿਛਲੀਆਂ ਤਾਰੀਖਾਂ ਵਿੱਚ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਦੀ ਗੱਲ ਕਹਿ ਕੇ ਛੋਟ ਮੰਗੀ ਸੀ ਪਰ ਚਾਹਲ ਅੱਜ ਤੱਕ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ। ਇਸ ਦੌਰਾਨ ਚਾਹਲ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ।