ਚੰਡੀਗੜ੍ਹ 28 ਮਾਰਚ 2022: ਕਰਨਾਟਕ ‘ਚ ਹਿਜਾਬ (Hijab) ਵਿਵਾਦ ਮੁੱਦਾ ਗਰਮਾਇਆ ਹੋਇਆ ਹੈ | ਇਸਦੇ ਚੱਲਦੇ ਕਰਨਾਟਕ ਦੇ ਗ੍ਰਹਿ ਮੰਤਰੀ ਅਰਾਗਾ ਗਿਆਨੇਂਦਰ ਨੇ ਸੋਮਵਾਰ ਨੂੰ ਕਿਹਾ ਕਿ ਕਰਨਾਟਕ ਬੋਰਡ SSLC ਪ੍ਰੀਖਿਆ ‘ਚ ਹਾਜ਼ਰ ਹੋਣ ਤੋਂ ਪਹਿਲਾਂ ਹਿਜਾਬ ਉਤਾਰਨ ਤੋਂ ਇਨਕਾਰ ਕਰਕੇ ਹਾਈ ਕੋਰਟ ਦੇ ਫੈਸਲੇ ਦੀ ਉਲੰਘਣਾ ਕਰਨ ਵਾਲੀਆਂ ਵਿਦਿਆਰਥਣਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਆਪਣਾ ਹਿਜਾਬ ਉਤਾਰ ਕੇ ਪ੍ਰੀਖਿਆ ਦੇਣੀ ਚਾਹੀਦੀ ਹੈ। ਅਸੀਂ ਇਸ ‘ਤੇ ਕੋਈ ਸਮਝੌਤਾ ਨਹੀਂ ਕਰਾਂਗੇ।
ਉਨ੍ਹਾਂ ਕਿਹਾ ਹਿਜਾਬ (Hijab) ‘ਤੇ ਕਰਨਾਟਕ ਹਾਈ ਕੋਰਟ ਦੇ ਫੈਸਲੇ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਰਾਜ ਦੇ ਸਿੱਖਿਆ ਮੰਤਰੀ ਬੀਸੀ ਨਾਗੇਸ਼ ਨੇ ਇਹ ਵੀ ਕਿਹਾ ਕਿ ਪੁਲਸ ਡਰੈਸ ਕੋਡ ਨੂੰ ਲਾਗੂ ਕਰਨ ਦੇ ਸਰਕਾਰੀ ਆਦੇਸ਼ ਦੀ ਉਲੰਘਣਾ ਕਰਨ ‘ਤੇ ਕਾਰਵਾਈ ਕਰੇਗੀ। ਰਾਜ ਭਰ ਦੇ 3,440 ਕੇਂਦਰਾਂ ਦੇ 48,000 ਤੋਂ ਵੱਧ ਹਾਲਾਂ ‘ਚ 8.74 ਲੱਖ ਤੋਂ ਵੱਧ ਵਿਦਿਆਰਥੀ ਪ੍ਰੀਖਿਆ ਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਹਿਜਾਬ ਵਿਵਾਦ ‘ਤੇ ਸੁਣਵਾਈ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਣਾਇਆ ਸੀ ਕਿ ਹਿਜਾਬ ਜ਼ਰੂਰੀ ਧਾਰਮਿਕ ਅਭਿਆਸ ਨਹੀਂ ਹੈ ਅਤੇ ਹਰ ਕਿਸੇ ਨੂੰ ਵਰਦੀ ਪਹਿਨਣ ਦੇ ਨਿਯਮ ਦੀ ਪਾਲਣਾ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਬਸਵਰਾਜ ਬੋਮਈ ਨੇ SSLC ਪ੍ਰੀਖਿਆ ‘ਚ ਬੈਠਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।