17 ਨਵੰਬਰ 2024: ਸ਼ਿਮਲਾ (shimla) ਵਿੱਚ ਜਾਇਦਾਦ ਨੂੰ ਲੈ ਕੇ ਰਾਮਕ੍ਰਿਸ਼ਨ ਮਿਸ਼ਨ(Ramakrishna Mission) ਅਤੇ ਬ੍ਰਹਮੋ ਸਮਾਜ (Brahmo Samaj) ਵਿਚਾਲੇ ਵਿਵਾਦ ਵਧ ਗਿਆ ਹੈ। ਬ੍ਰਹਮੋ ਸਮਾਜ ਦੇ ਪੈਰੋਕਾਰ ਸ਼ਨੀਵਾਰ ਸ਼ਾਮ ਨੂੰ ਰਾਮਕ੍ਰਿਸ਼ਨ ਮਿਸ਼ਨ ਆਸ਼ਰਮ ਪਹੁੰਚੇ ਅਤੇ ਉੱਥੇ ਪੂਜਾ ਸ਼ੁਰੂ ਕਰ ਦਿੱਤੀ। ਇਸ ਕਾਰਨ ਮੌਕੇ ’ਤੇ ਮਾਹੌਲ ਤਣਾਅਪੂਰਨ ਹੋ ਗਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਜ਼ਿਲਾ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਅਤੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਰਾਮਕ੍ਰਿਸ਼ਨ ਪਰਮਹੰਸ ਦੇ ਪੈਰੋਕਾਰਾਂ ਅਨੁਸਾਰ ਬ੍ਰਹਮੋ ਸਮਾਜ ਦੇ ਪੈਰੋਕਾਰਾਂ ਨੇ ਮੌਕੇ ‘ਤੇ ਕਲਸ਼ ਲਗਾਉਣ ਦੀ ਕੋਸ਼ਿਸ਼ ਕੀਤੀ, ਜਿਸ ‘ਤੇ ਉਨ੍ਹਾਂ ਨੇ ਇਤਰਾਜ਼ ਜਤਾਇਆ ਹੈ।
ਪੁਲਿਸ ਨੇ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਰਾਤ ਕਰੀਬ 1 ਵਜੇ ਇਕ ਔਰਤ ਨੇ ਦੂਜੇ ਪਾਸੇ ਬੈਠੇ ਲੋਕਾਂ ‘ਤੇ ਕੁਰਸੀ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਮਾਹੌਲ ਹੋਰ ਤਣਾਅਪੂਰਨ ਹੋ ਗਿਆ ਅਤੇ ਦੋਵਾਂ ਧਿਰਾਂ ਨੇ ਇੱਕ ਦੂਜੇ ’ਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ। ਪੈਰੋਕਾਰਾਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਦੋਵੇਂ ਧਿਰਾਂ ਦੇ ਲੋਕ ਮੰਨਣ ਨੂੰ ਤਿਆਰ ਨਹੀਂ ਸਨ। ਦੋਵਾਂ ਧਿਰਾਂ ਦੇ ਝਗੜੇ ਵਿੱਚ ਮੰਦਰ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਸ ਮਾਮਲੇ ‘ਚ ਦੋ ਪੁਲਿਸ ਮੁਲਾਜ਼ਮਾਂ ਸਮੇਤ ਕਈ ਸ਼ਰਧਾਲੂ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਦਾ ਆਈਜੀਐਮਸੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।