July 5, 2024 1:34 am
Himachal Pradesh

Himachal Disaster: ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ‘ਚ ਕੌਮੀ ਆਫ਼ਤ ਐਲਾਨਣ ਦਾ ਲਿਆ ਫ਼ੈਸਲਾ

ਚੰਡੀਗ੍ਹੜ, 18 ਅਗਸਤ 2023: ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਪਏ ਮੀਂਹ ਨੇ ਤਬਾਹੀ ਮਚਾਈ ਹੋਈ ਹੈ | ਹਿਮਾਚਲ ਪ੍ਰਦੇਸ਼ ਦੀਆਂ ਕਈ ਥਾਵਾਂ ‘ਤੇ ਜ਼ਮੀਨ ਖਿਸ਼ਕਣ ਕਾਰਨ ਕਈ ਘਰ ਨੁਕਸਾਨੇ ਗਏ ਹਨ ਅਤੇ ਕਈ ਜਣਿਆਂ ਦੀ ਜਾਨ ਵੀ ਜਾ ਚੁੱਕੀ ਹੈ | ਇਸਦੇ ਚੱਲਦੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਸ਼ਿਮਲਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਿਮਾਚਲ ਸਰਕਾਰ ਨੇ ਸੂਬੇ ‘ਚ ਕੌਮੀ ਆਫ਼ਤ ਐਲਾਨਣ ਦਾ ਫ਼ੈਸਲਾ ਕੀਤਾ ਹੈ।

ਸੁਖਵਿੰਦਰ ਸਿੰਘ ਸੁੱਖੂ ਨੇ ਕਿਹ ਛੇਤੀ ਹੀ ਇਸ ਬਾਰੇ ਅਧਿਕਾਰਤ ਐਲਾਨ ਕੀਤਾ ਜਾਵੇਗਾ। ਕੇਂਦਰੀ ਟੀਮ ਨੇ ਹਿਮਾਚਲ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ ਕੀਤਾ ਹੈ। ਇਸਦੇ ਨਾਲ ਹੀ ਹੁਣ ਉਮੀਦ ਕੀਤੀ ਜਾਂਦੀ ਹੈ ਕਿ ਭਾਰਤ ਸਰਕਾਰ ਕੁਝ ਮੱਦਦ ਦੇਵੇਗੀ।

ਕੇਂਦਰੀ ਟੀਮ ਨੇ ਆਫ਼ਤ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਆਪਣੀ ਰਿਪੋਰਟ ਤਿਆਰ ਕਰ ਲਈ ਹੈ। ਉਸ ਦੇ ਆਧਾਰ ‘ਤੇ ਕੇਂਦਰ ਸਰਕਾਰ ਰਾਹਤ ਰਾਸ਼ੀ ਜਾਰੀ ਕਰੇਗੀ। ਇਸ ਔਖੀ ਘੜੀ ਵਿੱਚ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਹਰ ਸੰਭਵ ਮੱਦਦ ਮਿਲ ਸਕਦੀ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਸੜਕ ਸੰਪਰਕ ਦੇ ਪੁਨਰ ਨਿਰਮਾਣ ਸਬੰਧੀ ਸਰਕਾਰ ਨੂੰ ਹਰ ਸੰਭਵ ਮੱਦਦ ਦੇਣ ਦੀ ਗੱਲ ਕੀਤੀ ਹੈ।

ਤੁਹਾਨੂੰ ਦੱਸ ਦਈਏ ਕਿ ਸੂਬੇ (Himachal Pradesh) ਵਿੱਚ ਕੁਦਰਤੀ ਆਫਤ ਕਾਰਨ ਜਿੱਥੇ ਇੱਕ ਪਾਸੇ ਲੋਕਾਂ ਦੀ ਜਾਨ ਚਲੀ ਗਈ ਹੈ, ਉੱਥੇ ਹੀ ਸੂਬੇ ਵਿੱਚ ਕਈ ਕਰੋੜਾਂ ਦਾ ਨੁਕਸਾਨ ਵੀ ਹੋਇਆ ਹੈ। ਇਸ ਦੇ ਨਾਲ ਹੀ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਸੂਬੇ ‘ਚ ਕੌਮੀ ਆਫ਼ਤ ਐਲਾਨਣ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ।

ਹਿਮਾਚਲ ਪ੍ਰਦੇਸ਼ ਨੂੰ 24 ਜੂਨ ਤੋਂ ਹੁਣ ਤੱਕ 7659.93 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਨੁਸਾਰ ਇਹ ਨੁਕਸਾਨ 10,000 ਕਰੋੜ ਰੁਪਏ ਨੂੰ ਪਾਰ ਕਰਨ ਦਾ ਅਨੁਮਾਨ ਹੈ। ਸੂਬੇ ‘ਚ 1 ਹਜ਼ਾਰ 957 ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ, ਜਦਕਿ 9 ਹਜ਼ਾਰ 344 ਘਰ ਅੰਸ਼ਿਕ ਤੌਰ ‘ਤੇ ਨੁਕਸਾਨੇ ਗਏ ਹਨ। ਇਸ ਤੋਂ ਇਲਾਵਾ 293 ਦੁਕਾਨਾਂ ਅਤੇ 4 072 ਪਸ਼ੂ ਘਰ ਵੀ ਤਬਾਹ ਹੋ ਗਏ ਹਨ। ਡੇਢ ਮਹੀਨੇ ਦੇ ਥੋੜ੍ਹੇ ਸਮੇਂ ਵਿੱਚ ਹੀ ਸੂਬੇ ਭਰ ਵਿੱਚ 113 ਜ਼ਮੀਨ ਖਿਸਕਣ ਅਤੇ 58 ਹੜ੍ਹ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ‘ਚ ਹੁਣ ਤੱਕ 330 ਜਣਿਆਂ ਦੀ ਜਾਨ ਜਾ ਚੁੱਕੀ ਹੈ, ਜਦਕਿ ਵੱਖ-ਵੱਖ ਹਾਦਸਿਆਂ ‘ਚ 38 ਜਣੇ ਲਾਪਤਾ ਹਨ। ਸੂਬੇ ਭਰ ਵਿੱਚ ਜ਼ਖਮੀਆਂ ਦੀ ਗਿਣਤੀ ਵੀ 322 ਤੱਕ ਪਹੁੰਚ ਗਈ ਹੈ।