ਛੁੱਟੀ

Holiday: ਲੁਧਿਆਣਾ ‘ਚ 19 ਜੂਨ ਨੂੰ ਛੁੱਟੀ ਦਾ ਐਲਾਨ, ਦੁਕਾਨਦਾਰਾਂ ਲਈ ਹਦਾਇਤਾਂ ਜਾਰੀ

ਲੁਧਿਆਣਾ, 17 ਜੂਨ 2025: ਲੁਧਿਆਣਾ ਜ਼ਿਲ੍ਹੇ ‘ਚ ਜ਼ਿਮਨੀ ਚੋਣ ਦੇ ਮੱਦੇਨਜ਼ਰ 19 ਜੂਨ (ਵੀਰਵਾਰ) ਨੂੰ ਤਨਖਾਹ ਵਾਲੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਲਿਆ ਗਿਆ ਹੈ।

ਜ਼ਿਲ੍ਹਾ ਚੋਣ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਹ ਛੁੱਟੀ ਸਿਰਫ਼ ਸਰਕਾਰੀ ਕਰਮਚਾਰੀਆਂ ਲਈ ਹੀ ਨਹੀਂ ਸਗੋਂ ਉਨ੍ਹਾਂ ਸਾਰੇ ਵੋਟਰਾਂ ਲਈ ਵੀ ਵੈਧ ਹੋਵੇਗੀ, ਜਿਨ੍ਹਾਂ ਨੂੰ ਲੁਧਿਆਣਾ ਪੱਛਮੀ ਖੇਤਰ ‘ਚ ਵੋਟ ਪਾਉਣ ਦਾ ਅਧਿਕਾਰ ਹੈ, ਭਾਵੇਂ ਉਹ ਨਿੱਜੀ ਉਦਯੋਗ, ਦੁਕਾਨ, ਕਾਰੋਬਾਰ ਜਾਂ ਕਿਸੇ ਵੀ ਕੰਪਨੀ ‘ਚ ਨੌਕਰੀ ਕਰਦੇ ਹੋਣ।

ਡੀਸੀ ਹਿਮਾਂਸ਼ੂ ਜੈਨ ਨੇ ਸਪੱਸ਼ਟ ਕੀਤਾ ਕਿ ਇਹ ਇੱਕ ਕਾਨੂੰਨੀ ਅਧਿਕਾਰ ਹੈ ਅਤੇ ਇਸ ਛੁੱਟੀ ਕਾਰਨ ਕਿਸੇ ਵੀ ਕਰਮਚਾਰੀ ਦੀ ਮਾਸਿਕ ਤਨਖ਼ਾਹ ‘ਚ ਕੋਈ ਕਟੌਤੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਸੰਸਥਾ, ਮਾਲਕ ਜਾਂ ਮੈਨੇਜਰ ਇਸ ਹੁਕਮ ਦੀ ਉਲੰਘਣਾ ਕਰਦਾ ਹੈ – ਜਿਵੇਂ ਕਿ ਛੁੱਟੀ ਨਾ ਦੇਣਾ ਜਾਂ ਤਨਖਾਹ ਕੱਟਣਾ, ਤਾਂ ਉਨ੍ਹਾਂ ਵਿਰੁੱਧ ਚੋਣ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ, ਜਿਸ ‘ਚ ਜੁਰਮਾਨਾ ਅਤੇ ਸਜ਼ਾ ਦੋਵੇਂ ਸੰਭਵ ਹਨ।

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਇਹ ਸਾਰੇ ਮਾਲਕਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ ਇੱਕ ਸੁਵਿਧਾਜਨਕ ਮਾਹੌਲ ਪ੍ਰਦਾਨ ਕਰਨ। ਜੇਕਰ ਕਿਸੇ ਕਰਮਚਾਰੀ ਨੂੰ ਛੁੱਟੀ ਦੇਣ ਤੋਂ ਇਨਕਾਰ ਕੀਤਾ ਜਾਂਦਾ ਹੈ, ਤਾਂ ਉਹ ਚੋਣ ਵਿਭਾਗ ਜਾਂ ਡਿਪਟੀ ਕਮਿਸ਼ਨਰ ਦਫ਼ਤਰ ‘ਚ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਫੈਸਲੇ ਨੂੰ ਚੋਣ ਪ੍ਰਕਿਰਿਆ ਨੂੰ ਨਿਰਪੱਖ, ਸੁਚਾਰੂ ਅਤੇ ਵੱਧ ਤੋਂ ਵੱਧ ਭਾਗੀਦਾਰੀ ਨਾਲ ਬਣਾਉਣ ਵੱਲ ਇੱਕ ਸਕਾਰਾਤਮਕ ਕਦਮ ਮੰਨਿਆ ਜਾ ਰਿਹਾ ਹੈ।

Read More: ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਚ ਵੋਟਰਾਂ ਲਈ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ

Scroll to Top