ਚੰਡੀਗੜ੍ਹ, 07 ਜੂਨ 2023: ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਪੰਜਾਬ ਆਉਣਗੇ। ਇਹ ਜਾਣਕਾਰੀ ਭਾਜਪਾ ਦੇ ਬੁਲਾਰੇ ਅਨਿਲ ਸਰੀਨ ਨੇ ਦਿੱਤੀ। ਅਨਿਲ ਸਰੀਨ ਨੇ ਦੱਸਿਆ ਕਿ ਭਾਜਪਾ ਪ੍ਰਧਾਨ ਜੇਪੀ ਨੱਡਾ 14 ਜੂਨ ਨੂੰ ਹੁਸ਼ਿਆਰਪੁਰ ਆਉਣਗੇ। ਜਦਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 18 ਜੂਨ ਨੂੰ ਗੁਰਦਾਸਪੁਰ ਪਹੁੰਚਣਗੇ।
ਦੋਵਾਂ ਆਗੂਆਂ ਵੱਲੋਂ ਪੰਜਾਬ ਵਿੱਚ ਵਿਸ਼ਾਲ ਰੈਲੀ ਕੀਤੀ ਜਾਵੇਗੀ। ਵਰਨਣਯੋਗ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਪੰਜਾਬ ਭਾਜਪਾ ਵੱਲੋਂ ਜਨਤਕ ਮੀਟਿੰਗਾਂ, ਰੈਲੀਆਂ ਸਮੇਤ ਕਈ ਹੋਰ ਪ੍ਰੋਗਰਾਮ ਕੀਤੇ ਜਾਣਗੇ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਪ੍ਰੈੱਸ ਕਾਨਫਰੰਸ ਕੀਤੀ ਸੀ। ਉਨ੍ਹਾਂ ਦੱਸਿਆ ਕਿ ਹਰ ਰਾਜ ਵਿੱਚ ਕਲੱਸਟਰ ਬਣਾਏ ਗਏ ਹਨ। ਇਸ ਵਿੱਚ ਕੇਂਦਰੀ ਮੰਤਰੀਆਂ ਸਮੇਤ ਹੋਰ ਆਗੂ ਤੇ ਵਰਕਰ ਘਰ-ਘਰ ਜਾ ਕੇ ਮੋਦੀ ਸਰਕਾਰ ਦੀਆਂ ਪਿਛਲੇ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਅਤੇ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ।