ਚੰਡੀਗੜ੍ਹ, 20 ਮਈ 2024: ਪੰਜਾਬ ‘ਚ 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ 2024 ਦੀਆਂ ਵੋਟਾਂ ਕਾਰਨ ਸਿਆਸੀ ਪਾਰਟੀਆਂ ਵੱਲੋਂ ਇਨ੍ਹੀਂ ਦਿਨੀਂ ਚੋਣ ਪ੍ਰਚਾਰ ਸਿਖਰਾਂ ‘ਤੇ ਹੈ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ, ਉਥੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ ਵੀ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਪਾਰਟੀ ਆਲਾਕਮਾਨ ਨੇ ਵੀ ਹਰੀ ਝੰਡੀ ਦੇ ਦਿੱਤੀ ਹੈ। ਅਮਿਤ ਸ਼ਾਹ ਅਤੇ ਯੋਗੀ ਆਦਿੱਤਿਆਨਾਥ ਦੇ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਮਿਲੀ ਜਾਣਕਾਰੀ ਮੁਤਾਬਕ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) 27 ਮਈ ਨੂੰ ਲੁਧਿਆਣਾ ਪਹੁੰਚ ਰਹੇ ਹਨ। ਅਮਿਤ ਸ਼ਾਹ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ। ਸੂਤਰਾਂ ਮੁਤਾਬਕ ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ ਵੀ 26 ਮਈ ਨੂੰ ਲੁਧਿਆਣਾ ਆ ਰਹੇ ਹਨ। ਹਾਲਾਂਕਿ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਹਾਲ ਹੀ ‘ਚ ਮੁੱਖ ਮੰਤਰੀ ਯੋਗੀ ਨੂੰ ਪੱਤਰ ਲਿਖ ਕੇ ਪੰਜਾਬ ‘ਚ ਰੈਲੀਆਂ ਕਰਨ ਲਈ ਸਮਾਂ ਮੰਗਿਆ ਸੀ, ਜਿਸ ‘ਤੇ ਸੀਐੱਮ ਯੋਗੀ ਨੇ ਉਸ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ।