ਲਾਡੋਵਾਲ (ਲੁਧਿਆਣਾ), 28 ਨਵੰਬਰ 2026: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਲਾਡੋਵਾਲ ਵਿਖੇ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਜਾਣ ਵਾਲੇ ਪ੍ਰਬੰਧਕੀ ਕੰਪਲੈਕਸ, ਬਾਗਬਾਨੀ ਵਿਕਾਸ ਕੇਂਦਰ ਦਾ ਨੀਂਹ ਪੱਥਰ ਰੱਖਿਆ ਅਤੇ ਹਾਈਟੈਕ ਪੌਲੀਹਾਊਸ ਯੂਨਿਟ ਦਾ ਉਦਘਾਟਨ ਕੀਤਾ।
ਇਸ ਦੌਰਾਨ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਬਾਗਬਾਨੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਤੇ ਵੱਧ ਮੁੱਲ ਵਾਲੀਆਂ ਫ਼ਸਲਾਂ ਦੀ ਕਾਸ਼ਤ ਅਪਣਾਉਣ ਲਈ ਉਤਸ਼ਾਹਿਤ ਕਰ ਰਹੀ ਹੈ।
ਸਰਕਾਰ ਮੁਤਾਬਕ ਇਸ ਪ੍ਰੋਜੈਕਟ ਅਧੀਨ ਪ੍ਰਬੰਧਕੀ ਕੰਪਲੈਕਸ, ਪਲਾਂਟ ਹੈਲਥ ਕਲੀਨਿਕ, ਚਾਰ ਹਾਈਟੈਕ ਪੌਲੀਹਾਊਸ, ਆਧੁਨਿਕ ਮਸ਼ੀਨਰੀ ਤੇ ਉਪਕਰਨਾਂ ਅਤੇ ਬੀਜ ਸਟੋਰ ਸ਼ੈੱਡ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਚਾਰ ਹਾਈਟੈਕ ਪੌਲੀਹਾਊਸਾਂ ‘ਚੋਂ 2 ਸਬਜ਼ੀਆਂ ਦੀਆਂ ਪਨੀਰੀਆਂ ਤਿਆਰ ਕਰਨ ਲਈ ਵਰਤੇ ਜਾਣਗੇ, ਜਿਨ੍ਹਾਂ ਦੀ ਸਾਲਾਨਾ ਉਤਪਾਦਨ ਸਮਰੱਥਾ ਲਗਭਗ 40 ਲੱਖ ਪਨੀਰੀਆਂ ਦੀ ਹੋਵੇਗੀ। ਬਾਕੀ ਦੋ ਪੌਲੀਹਾਊਸਾਂ ‘ਚ ਅਮਰੂਦ ਦੀ ਨਰਸਰੀ ਤਿਆਰ ਕੀਤੀ ਜਾਵੇਗੀ, ਜਿਸ ਦੀ ਸਾਲਾਨਾ ਉਤਪਾਦਨ ਸਮਰੱਥਾ ਲਗਭੱਗ 50,000 ਬੂਟੇ ਹੋਵੇਗੀ।
ਮੰਤਰੀ ਨੇ ਦੱਸਿਆ ਕਿ ਪਲਾਂਟ ਹੈਲਥ ਕਲੀਨਿਕ ਰਾਹੀਂ ਪੌਦਿਆਂ ਦੀਆਂ ਬਿਮਾਰੀਆਂ, ਕੀਟਾਂ ਦੇ ਹਮਲਿਆਂ ਅਤੇ ਫ਼ਸਲਾਂ ਨਾਲ ਸਬੰਧਤ ਹੋਰ ਸਮੱਸਿਆਵਾਂ ਦੀ ਵਿਗਿਆਨਕ ਢੰਗ ਨਾਲ ਪਛਾਣ ਅਤੇ ਉਨ੍ਹਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸਹੂਲਤ ਪ੍ਰਦਾਨ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਸਕੱਤਰ, ਖੇਤੀਬਾੜੀ, ਲਤੀਫ ਅਹਿਮਦ ਨੇ ਕਿਹਾ ਕਿ ਬਾਗਬਾਨੀ ਵਿਕਾਸ ਕੇਂਦਰ ਦੀ ਸਥਾਪਨਾ ਵਿਭਾਗ ਦੇ ਸੰਸਥਾਗਤ ਅਤੇ ਤਕਨੀਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਲਾਡੋਵਾਲ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਵਰਤੋਂ ਕਿਸਾਨਾਂ ਨੂੰ ਮਿਆਰੀ ਪੌਦ ਸਮੱਗਰੀ, ਤਕਨੀਕੀ ਮਾਰਗਦਰਸ਼ਨ ਅਤੇ ਆਧੁਨਿਕ ਬਾਗਬਾਨੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾਵੇਗੀ।
Read More: CM ਭਗਵੰਤ ਮਾਨ ਵੱਲੋਂ ਪੰਜਾਬ ਦੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ




