ਹੁਸ਼ਿਆਰਪੁਰ, 26 ਜੂਨ 2023: ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਕਿਹਾ ਕਿ ਸ਼ਹਿਰ ਦੇ ਵਾਰਡਾਂ ਵਿਚ ਸਾਰੀਆਂ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਹ ਵਾਰਡ ਨੰਬਰ 31 ਵਿਚ ਕਰੀਬ 36 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਅਤੇ ਵਾਰਡ ਨੰਬਰ 42 ਵਿਚ 11 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਦੇ ਹਰੇਕ ਵਾਰਡ ਵਿਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਸਿਰਫ ਸੂਬੇ ਦਾ ਸਰਬਪੱਖੀ ਵਿਕਾਸ ਹੈ, ਜਿਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਵਿਕਾਸ ਕਾਰਜ ਕਰਵਾਉਣ ਵਾਲੇ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਕਾਰਜ ਦੀ ਗੁਣਵੱਤਾ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਇਸ ਮੌਕੇ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਕੌਂਸਲਰ ਮੋਨਿਕਾ ਕਤਨਾ, ਐਡਵੋਕੇਟ ਅਮਰਜੋਤ ਸੈਣੀ, ਬਲਵਿੰਦਰ ਕਤਨਾ, ਰਜਿੰਦਰ ਕੌਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।