ਪਟਿਆਲਾ 01 ਅਕਤੂਬਰ 2022: ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਅੱਜ ਪਟਿਆਲਾ ਦੇ ਭਾਸ਼ਾ ਵਿਭਾਗ ਵਿਖੇ ਇਕ ਨਿੱਜੀ ਪ੍ਰੋਗਰਾਮ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਪੰਜਾਬ ਵਿਚ ਗੰਧਲੇ ਹੋ ਰਹੇ ਵਾਤਾਵਰਨ ਅਤੇ ਦੂਸ਼ਿਤ ਹੋ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਬੁੱਧੀਜੀਵੀਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ |
ਇਸਦੇ ਨਾਲ ਹੀ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਹ ਆਪਣੇ ਨਿੱਜੀ ਸਵਾਰਥ ਲਈ ਰਾਜ ਸਭਾ ਵਿੱਚ ਨਹੀਂ ਗਏ, ਸਗੋਂ ਪੰਜਾਬ ਦੇ ਮੁੱਦਿਆਂ ਨੂੰ ਚੁੱਕਣ ਲਈ ਰਾਜ ਸਭਾ ਵਿਚ ਗਏ ਹਨ ਅਤੇ ਉਹ ਰਾਜਨੀਤੀ ਵਿੱਚ ਕਿਸੇ ਵੀ ਪਾਰਟੀ ਦੀ ਮਦਦ ਨਹੀਂ ਕਰ ਰਹੇ ਬਲਕਿ ਪੰਜਾਬ ਦੇ ਗੰਭੀਰ ਮੁੱਦਿਆਂ ਨੂੰ ਚੁੱਕਣ ਲਈ ਉਨ੍ਹਾਂ ਨੇ ਰਾਜ ਸਭਾ ਵਿੱਚ ਜਾਣ ਦਾ ਫ਼ੈਸਲਾ ਲਿਆ ਸੀ|
ਉਨ੍ਹਾਂ ਕਿਹਾ ਕਿ ਜੇਕਰ ਸਾਡੇ ਵਰਗੇ ਚੰਗੇ ਲੋਕ ਪੰਜਾਬ ਦੇ ਮੁੱਦੇ ਨਹੀਂ ਚੁੱਕਣਗੇ ਤਾਂ ਫਿਰ ਪੰਜਾਬ ਦਾ ਕੋਈ ਵਾਲੀ ਵਾਰਸ ਨਹੀਂ ਰਹੇਗਾ | ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਨੂੰ ਬਣੇ ਅਜੇ ਥੋੜ੍ਹਾ ਹੀ ਸਮਾਂ ਹੋਇਆ ਅਤੇ ਇਹ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਜ਼ਰੂਰ ਖ਼ਰਾ ਉਤਰੇਗੀ |