July 7, 2024 2:42 pm
Taranjit Singh Sandhu

ਅੰਮ੍ਰਿਤਸਰ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਨਿਜਾਤ ਦਿਵਾਵਾਂਗਾ: ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ,10 ਅਪ੍ਰੈਲ 2024: ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ (Taranjit Singh Sandhu) ਨੇ ਜ਼ਿਲ੍ਹਾ ਦਫ਼ਤਰ ਦਾ ਦੌਰਾ ਕੀਤਾ ਅਤੇ ਭਾਜਪਾ ਵਰਕਰਾਂ ਨਾਲ ਮੁਲਾਕਾਤ ਕੀਤੀ। ਭਾਜਪਾ ਵਰਕਰਾਂ ਨੇ ਸ. ਸੰਧੂ ਦਾ ਗਰਮ ਜੋਸ਼ੀ ਨਾਲ ਸਵਾਗਤ ਕਰਦਿਆਂ ਉਨ੍ਹਾਂ ਨਾਲ ਸੈਲਫੀਆਂ ਲਈਆਂ। ਇਸ ਮੌਕੇ ਸ.ਤਰਨਜੀਤ ਸਿੰਘ ਸੰਧੂ ਨੇ ਵਰਕਰਾਂ ਦਾ ਹੌਸਲਾ ਤੇ ਉਤਸ਼ਾਹ ਵਧਾਉਂਦਿਆਂ ਕਿਹਾ ਕਿ ਆਉਣ ਵਾਲੀ ਸਰਕਾਰ ਵੀ ਭਾਜਪਾ ਦੀ ਹੋਵੇਗੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੰਜਾਬ ਅਤੇ ਖ਼ਾਸ ਕਰ ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ।

ਉਨ੍ਹਾਂ ਕਿਹਾ ਉਨ੍ਹਾਂ ਨੇ ਸ਼ਹਿਰ ਦਾ ਕਾਫ਼ੀ ਹਿੱਸਾ ਦੇਖ ਲਿਆ ਹੈ। ਲੋਕਾਂ ਵਿਚ ਭਾਰੀ ਉਤਸ਼ਾਹ ਹੈ,ਪਰ ਅਫ਼ਸੋਸ ਕਿ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਸ਼ਹਿਰ ਦੀ ਸਫ਼ਾਈ ਵਿਵਸਥਾ ਖ਼ਰਾਬ ਹੈ ਤਾਂ ਕਈ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ। ਸੀਵਰੇਜ ਸਿਸਟਮ ’ਚ ਖ਼ਰਾਬੀ ਅਤੇ ਟਰੈਫ਼ਿਕ ਦੀ ਸਮੱਸਿਆ ਹੈ।ਭਗਤਾਂ ਵਾਲਾ ਕੂੜੇ ਦੇ ਡੰਪ ਤੋਂ ਸ਼ਹਿਰ ਵਾਸੀਆਂ ਨੂੰ ਨਿਜਾਤ ਦਿਵਾਉਣ ਦੀ ਵੱਡੀ ਜ਼ਿੰਮੇਵਾਰੀ ਹੈ।

ਅੰਨਗੜ ਦੇ ਲੋਕਾਂ ਦੀਆਂ ਵੀ ਵੱਡੀਆਂ ਸਮੱਸਿਆਵਾਂ ਹਨ। ਉਨ੍ਹਾਂ ਕਿਹਾ ਕਿ ਮੈਂ ਹੈਰਾਨ ਹਾਂ ਕਿ ਚੁਣੇ ਹੋਏ ਲੋਕ ਨੁਮਾਇੰਦਿਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਕਿਉਂ ਨਹੀਂ ਦਿੱਤਾ। ਉਨ੍ਹਾਂ ਯਕੀਨ ਦਿਵਾਉਂਦਿਆਂ ਕਿਹਾ ਕਿ ਚੋਣਾਂ ਤੋਂ ਬਾਅਦ ਕੇਂਦਰ ਤੋਂ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ ਜਿਸ ਨਾਲ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ।

ਪ੍ਰਧਾਨ ਮੰਤਰੀ ਮੋਦੀ ਦੀਆਂ ਸਭ ਸਕੀਮਾਂ ਅੰਮ੍ਰਿਤਸਰ ਦੇ ਲੋਕਾਂ ਤਕ ਪਹੁੰਚਾਈਆਂ ਜਾਣਗੀਆਂ।ਉਨ੍ਹਾਂ ਵਰਕਰਾਂ ਨੂੰ ਚੋਣਾਂ ਲਈ ਕਮਰਕੱਸਾ ਕਰ ਲੈਣ ਅਤੇ ਲੋਕਾਂ ਵਿਚ ਜਾ ਕੇ ਇਹ ਗਰੰਟੀ ਦੇਣ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਜ਼ਰੂਰ ਕੱਢਿਆ ਜਾਵੇਗਾ। ਇਸ ਮੌਕੇ ਹਾਜ਼ਰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਅਤੇ ਡਾ.ਰਾਮ ਚਾਵਲਾ ਨੇ ਕਿਹਾ ਕਿ ਭਾਜਪਾ ਵਰਕਰਾਂ ਨੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸਾਬਕਾ ਰਾਜਦੂਤ ਸ.ਤਰਨਜੀਤ ਸਿੰਘ ਸੰਧੂ ਦੀ ਜਿੱਤ ਯਕੀਨੀ ਬਣਾਉਣ ਲਈ ਕਮਰਕੱਸੇ ਕਰ ਲਏ ਹਨ।

ਉਨ੍ਹਾਂ ਕਿਹਾ ਕਿ ਤਰਨਜੀਤ ਸਿੰਘ ਸੰਧੂ (Taranjit Singh Sandhu) ਹੀ ਅੰਮ੍ਰਿਤਸਰ ਅਤੇ ਪੰਜਾਬ ਦੀ ਲੋਕ ਸਭਾ ਵਿਚ ਢੁਕਵੀਂ ਨੁਮਾਇੰਦਗੀ ਕਰਨ ਦੇ ਯੋਗ ਹਨ।ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਗੁਰੂ ਨਗਰੀ ਦੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਦੇ ਏਜੰਡੇ ਨੂੰ ਲੈ ਕੇ ਚੋਣ ਮੈਦਾਨ ਵਿਚ ਸ੍ਰੀ ਨਰਿੰਦਰ ਮੋਦੀ ਵੱਲੋਂ ਉਤਾਰੇ ਗਏ ਹਨ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀ ਸਰਵਪੱਖੀ ਤਰੱਕੀ ਲਈ ਇਸ ਵਾਰ ਤਰਨਜੀਤ ਸਿੰਘ ਸੰਧੂ ਨੂੰ ਲੋਕ ਸਭਾ ਵਿਚ ਭੇਜਿਆ ਜਾਵੇਗਾ। ਭਾਜਪਾ ਆਗੂਆਂ ਨੇ ਵਰਕਰਾਂ ਨੂੰ ਸੰਬੋਧਨ ਹੁੰਦਿਆਂ ਘਰ ਘਰ ਜਾ ਕੇ ਲੋਕਾਂ ਨੂੰ ਇਹ ਸੁਨੇਹਾ ਪਹੁੰਚਾਉਣ ਦੀ ਅਪੀਲ ਕੀਤੀ ਕਿ ਤਰਨਜੀਤ ਸਿੰਘ ਸੰਧੂ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਕ੍ਰਾਂਤੀਕਾਰੀ ਤਬਦੀਲੀ ਲਿਆ ਸਕਦਾ।ਜੇਕਰ ਅਸੀਂ ਅੰਮ੍ਰਿਤਸਰ ਨੂੰ ਕਿਸੇ ਮੁਕਾਮ ’ਤੇ ਲੈ ਕੇ ਜਾਣਾ ਚਾਹੁੰਦੇ ਹਾਂ ਤਾਂ ਤਰਨਜੀਤ ਸਿੰਘ ਸੰਧੂ ਨੂੰ ਚੁਣਿਆ ਜਾਵੇ।

ਉਨ੍ਹਾਂ ਕਿਹਾ ਕਿ ਤਰਨਜੀਤ ਸਿੰਘ ਸੰਧੂ ਕੋਲ ਅੰਮ੍ਰਿਤਸਰ ਨੂੰ ਤਰੱਕੀ ਪੱਖੋਂ ਬੇਹੱਦ ਅੱਗੇ ਲਿਜਾਣ ਲਈ ਦੂਰ ਅੰਦੇਸ਼ੀ ਸੋਚ, ਇੱਕ ਪੂਰਾ ਰੋਡਮੈਪ,ਇੱਕ ਬਿਹਤਰੀਨ ਵਿਜ਼ਨ ਹੈ। ਜੋ ਆਪਣੇ ਚੰਗੇ ਸੰਬੰਧਾਂ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਰੀਕਾ,ਕੈਨੇਡਾ, ਜਰਮਨੀ ਤੋਂ ਵੱਡੇ ਨਿਵੇਸ਼, ਪ੍ਰੋਜੈਕਟਾਂ ਨੂੰ ਅੰਮ੍ਰਿਤਸਰ ਲਿਆ ਸਕਦੇ ਹਨ। ਉਨ੍ਹਾਂ ਕਮਲ ਦੇ ਫੁੱਲ ’ਤੇ ਮੋਹਰਾਂ ਲਾ ਕੇ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਜਿੱਤ ਦਿਵਾਉਣ ਦੀ ਅਪੀਲ ਕੀਤੀ।