July 5, 2024 1:21 am
IAS and IPS The officials

ਆਈ.ਏ.ਐਸ. ਤੇ ਆਈ.ਪੀ.ਐਸ. ਅਧਿਕਾਰੀਆਂ ਨੇ CM ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਨਵੇਂ ਵਰ੍ਹੇ ਦੀ ਵਧਾਈ ਦਿੱਤੀ

ਚੰਡੀਗੜ੍ਹ 02 ਜਨਵਰੀ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਅਧਿਕਾਰੀਆਂ ਨੂੰ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਉਤਸ਼ਾਹ ਨਾਲ ਕੰਮ ਕਰਨ ਲਈ ਆਖਿਆ। ਸੂਬੇ ਦੇ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ।

ਇਸ ਮੌਕੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦੇ ਹੋਏ ਲੋਕ ਭਲਾਈ ਕਾਰਜਾਂ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਆਖਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੂਬੇ ਦੇ ਲੋਕਾਂ ਦੀ ਬਿਹਤਰੀ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਆਖਿਆ ਤਾਂ ਕਿ ਸੂਬੇ ਦੇ ਕਮਜੋਰ ਅਤੇ ਪੱਛੜੇ ਵਰਗਾਂ ਨੂੰ ਸਰਕਾਰ ਦੀਆਂ ਨੀਤੀਆਂ ਤੇ ਉਪਰਾਲਿਆਂ ਦਾ ਸਹੀ ਮਾਅਨਿਆਂ ਵਿਚ ਲਾਭ ਹਾਸਲ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰੇਕ ਹੱਕਦਾਰ ਲਾਭਪਾਤਰੀ ਨੂੰ ਹਾਸਲ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਭਲਾਈ ਸਕੀਮਾਂ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦਾ ਪੱਖਪਾਤ ਜਾਂ ਭਾਈ-ਭਤੀਜਾਵਾਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਹਰੇਕ ਖੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣਾਉਣ ਲਈ ਇਹ ਸਮੇਂ ਦੀ ਲੋੜ ਹੈ।

ਆਈ.ਏ.ਐਸ. ਤੇ ਆਈ.ਪੀ.ਐਸ. ਅਧਿਕਾਰੀਆਂ ਨੂੰ ਸੂਬਾ ਸਰਕਾਰ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਪੰਜਾਬ ਤੇ ਇਸ ਦੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਆਪਣੇ ਫ਼ਰਜ਼ ਪੂਰੀ ਦਿਆਨਤਦਾਰੀ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਹਰੇਕ ਅਧਿਕਾਰੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਆਪਣੀ ਪੂਰੀ ਵਾਹ ਲਾਏਗਾ।