Mohali Latest news

ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ ਕੀਤਾ IED: ਡੀਜੀਪੀ ਗੌਰਵ ਯਾਦਵ

ਐਸ.ਏ.ਐਸ ਨਗਰ, 04 ਜੂਨ 2026: ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਐਸਏਐਸ ਨਗਰ ਨੇ ਵਿਦੇਸ਼ੀ ਅੱਤਵਾਦੀ ਹੈਂਡਲਰ ਦੇ ਦੋ ਸਾਥੀਆਂ ਨੂੰ ਲਗਭੱਗ 2.5 ਕਿਲੋਗ੍ਰਾਮ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਸਮੇਤ ਗ੍ਰਿਫਤਾਰ ਕਰਕੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਗੁੱਜਰਪੁਰਾ ਦੇ ਰਹਿਣ ਵਾਲੇ ਮਨੀ ਸਿੰਘ (32) ਅਤੇ ਅੰਮ੍ਰਿਤਸਰ ਦੇ ਗਿੱਲਵਾਲੀ ਗੇਟ ਦੇ ਰਹਿਣ ਵਾਲੇ ਅਭਿਸ਼ੇਕ ਕੁਮਾਰ (28) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤਾ ਆਈ.ਈ.ਡੀ. ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ । ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ ਐਸਏਐਸ ਨਗਰ ‘ਚ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੇ ਉਦੇਸ਼ ਨਾਲ ਬਣਾਈ ਨਾਪਾਕ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ |

ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਾਜ਼ਿਸ਼ ‘ਚ ਸ਼ਾਮਲ ਹੈਂਡਲਰਾਂ, ਕਾਰਕੁੰਨਾਂ ਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਭਰੋਸਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਸੂਚਨਾ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਵੇਂ ਸ਼ੱਕੀਆਂ, ਜੋ ਕਿ ਬੱਸ ਰਾਹੀਂ ਵਿਸਫੋਟਕ ਯੰਤਰ ਸਮੇਤ ਅੰਮ੍ਰਿਤਸਰ ਤੋਂ ਮੋਹਾਲੀ ਪੁੱਜੇ ਸਨ, ਉਨ੍ਹਾਂ ਨੂੰ ਵਾਈ.ਪੀ.ਐਸ. ਚੌਕ ਮੋਹਾਲੀ ਦੇ ਸਾਹਮਣੇ ਇੱਕ ਪਾਰਕ ਦੇ ਨੇੜਿਓਂ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਆਰਡੀਐਕਸ ਨਾਲ ਲੈਸ ਆਈ.ਈ.ਡੀ. ਬਰਾਮਦ ਕੀਤੀ। ਇਸ ਵਿਸਫੋਟਕ ਕਾਰਨ ਪੈਦਾ ਹੋਏ ਗੰਭੀਰ ਖ਼ਤਰੇ ਨੂੰ ਦੇਖਦਿਆਂ ਬੰਬ ਡਿਸਪੋਜ਼ਲ ਸਕੁਐਡ ਨੂੰ ਤੁਰੰਤ ਮੌਕੇ ’ਤੇ ਬੁਲਾਇਆ, ਜਿਸਨੇ ਸਾਰੇ ਨਿਰਧਾਰਤ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਈ.ਈ.ਡੀ. ਨੂੰ ਸਫਲਤਾਪੂਰਵਕ ਬੇਅਸਰ ਕਰਕੇ ਨਸ਼ਟ ਕਰ ਦਿੱਤਾ।

ਆਈ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮਨੀ ਸਿੰਘ ਹਾਲ ਹੀ ‘ਚ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਵਿਦੇਸ਼ੀ ਹੈਂਡਲਰ ਦੇ ਸੰਪਰਕ ‘ਚ ਆਇਆ ਸੀ ਅਤੇ ਉਨ੍ਹਾਂ ਨੇ ਆਪਣੇ ਰਿਸ਼ਤੇਦਾਰ ਅਭਿਸ਼ੇਕ ਕੁਮਾਰ ਦੀ ਵੀ ਉਸ ਨਾਲ ਜਾਣ-ਪਛਾਣ ਕਰਵਾਈ ਸੀ। ਆਈ.ਜੀ.ਪੀ. ਨੇ ਦੱਸਿਆ ਕਿ ਆਪਸੀ ਗੱਲਬਾਤ ਦੌਰਾਨ, ਵਿਦੇਸ਼ੀ-ਅਧਾਰਤ ਹੈਂਡਲਰ ਨੇ ਉਨ੍ਹਾਂ ਨੂੰ ਕੁਝ ਕੰਮ ਕਰਨ ਦੇ ਬਦਲੇ ਵਿੱਤੀ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਅਤੇ ਆਰਥਿਕ ਦਿੱਕਤਾਂ ਕਾਰਨ ਦੋਵੇਂ ਮੁਲਜ਼ਮ ਹੈਂਡਲਰ ਦਾ ਕੰਮ ਕਰਨ ਲਈ ਸਹਿਮਤ ਹੋ ਗਏ।
Read More: ਤਕਨਾਲੋਜੀ-ਅਧਾਰਿਤ ਪੁਲਿਸਿੰਗ ਤੇ ਲੋਕ ਭਾਗੀਦਾਰੀ ਨਾਲ ਸੁਰੱਖਿਅਤ ਪੰਜਾਬ ਦੇ ਨਿਰਮਾਣ ਨੂੰ ਮਿਲ ਰਹੀ ਮਜ਼ਬੂਤੀ: DGP ਗੌਰਵ ਯਾਦਵ

ਵਿਦੇਸ਼

Scroll to Top