ਚੰਡੀਗੜ੍ਹ, 16 ਮਾਰਚ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਲੈ ਕੇ ਪਾਕਿਸਤਾਨ ‘ਚ ਘਰੇਲੂ ਯੁੱਧ ਵਰਗੀ ਸਥਿਤੀ ਬਣੀ ਹੋਈ ਹੈ। ਇਕ ਪਾਸੇ ਪਾਕਿਸਤਾਨ ਸਰਕਾਰ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਦੂਜੇ ਪਾਸੇ ਉਹ ਇਸ ਤੋਂ ਬਚਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕਰ ਰਹੇ ਹਨ । ਇਮਰਾਨ ਦੇ ਸਮਰਥਕਾਂ ਨੇ ਉਨ੍ਹਾਂ ਦੇ ਘਰ ਨੂੰ ਘੇਰ ਲਿਆ ਹੈ ਅਤੇ ਦੇਸ਼ ਭਰ ‘ਚ ਹਿੰਸਕ ਪ੍ਰਦਰਸ਼ਨ ਵੀ ਹੋ ਰਹੇ ਹਨ।
ਇਸ ਦੌਰਾਨ ਪਾਕਿਸਤਾਨ ਦੀ ਇਕ ਅਦਾਲਤ ਨੇ ਕਿਹਾ ਹੈ ਕਿ ਜੇਕਰ ਇਮਰਾਨ ਖਾਨ ਗ੍ਰਿਫਤਾਰੀ ਤੋਂ ਬਚਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਅਦਾਲਤ ‘ਚ ਆਤਮ-ਸਮਰਪਣ ਕਰਨਾ ਚਾਹੀਦਾ ਹੈ। ਤੋਸ਼ਾਖਾਨਾ ਮਾਮਲੇ ਦੀ ਸੁਣਵਾਈ ਦੌਰਾਨ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ (ਏਡੀਐਸਜੇ) ਦੇ ਜਸਟਿਸ ਜ਼ਫ਼ਰ ਇਕਬਾਲ ਨੇ ਕਿਹਾ ਕਿ ਜੇਕਰ ਇਮਰਾਨ ਖ਼ਾਨ ਅਦਾਲਤ ਵਿੱਚ ਆਤਮ ਸਮਰਪਣ ਕਰਦਾ ਹੈ ਤਾਂ ਉਹ ਪੁਲਿਸ ਨੂੰ ਉਸ ਨੂੰ ਗ੍ਰਿਫ਼ਤਾਰ ਕਰਨ ਦਾ ਹੁਕਮ ਨਹੀਂ ਦੇਣਗੇ।
ਪਾਕਿਸਤਾਨੀ ਅਖਬਾਰ ਡਾਨ ਦੀ ਰਿਪੋਰਟ ਮੁਤਾਬਕ ਜਸਟਿਸ ਜ਼ਫਰ ਇਕਬਾਲ ਨੇ ਪਾਕਿਸਤਾਨ ਦੇ ਚੋਣ ਕਮਿਸ਼ਨ (ਈਸੀਪੀ) ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਇਹ ਗੱਲ ਕਹੀ। ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਖਿਲਾਫ ਅਪਰਾਧਿਕ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।