ਚੰਡੀਗੜ੍ਹ, 24 ਦਸੰਬਰ 2024: ਸ਼ੰਭੂ-ਖਨੌਰੀ ਬਾਰਡਰ (Shambhu-Khanuri border) ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh) ਨੇ ਵੱਡਾ ਬਿਆਨ ਦਿੱਤਾ ਹੈ। ਸੀਐੱਮ ਭਗਵੰਤ ਸਿੰਘ ਨੇ ਕਿਹਾ ਕਿ ਕੇਂਦਰ ਨੂੰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਬੂਤਰ ਦੇ ਅੱਖਾਂ ਬੰਦ ਕਰਨ ਨਾਲ ਬਿੱਲੀ ਨਹੀਂ ਭੱਜਦੀ।
ਮੁੱਖ ਮੰਤਰੀ ਮਾਨ (CM Bhagwant Singh) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਚ ਐਕਸ ‘ਚ ਲਿਖਿਆ ਹੈ ਕਿ ਕੇਂਦਰ ਸਰਕਾਰ ਆਪਣੀ ਪੁਰਾਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦਾ ਰਾਹ ਖੋਲ੍ਹੇ | ਉਨ੍ਹਾਂ ਕਿਹਾ ਕਿ ਕਬੂਤਰ ਦੇ ਅੱਖਾਂ ਬੰਦ ਕਰਨ ਨਾਲ ਬਿੱਲੀ ਨਹੀਂ ਭੱਜਦੀ। ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਅਤੇ ਯੂਕਰੇਨ ਦੀ ਜੰਗ ਨੂੰ ਰੋਕ ਸਕਦੇ ਹਨ ਤਾਂ ਕੀ ਉਹ 200 ਕਿਲੋਮੀਟਰ ਦੂਰ ਬੈਠੇ ਕਿਸਾਨਾਂ ਨਾਲ ਗੱਲ ਨਹੀਂ ਕਰ ਸਕਦੇ? ਤੁਸੀਂ ਕਿਸ ਸਮੇਂ ਦੀ ਉਡੀਕ ਕਰ ਰਹੇ ਹੋ?
ਮੁੱਖ ਮੰਤਰੀ ਮਾਨ ਕਿਹਾ ਕਿ ਜਦੋਂ ਦੇਸ਼ ਅਨਾਜ ਉਤਪਾਦਨ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਸੀ ਤਾਂ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਕੌਮੀ ਅਨਾਜ ਭੰਡਾਰ ਨੂੰ ਭਰਨ ਲਈ ਉਪਜਾਊ ਮਿੱਟੀ ਅਤੇ ਪਾਣੀ ਵਰਗੇ ਕੀਮਤੀ ਕੁਦਰਤੀ ਸਰੋਤਾਂ ਨੂੰ ਦਾਅ ‘ਤੇ ਲਗਾ ਦਿੱਤਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦਾ ਵੱਡਾ ਯੋਗਦਾਨ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਉਨ੍ਹਾਂ ਪ੍ਰਤੀ ਵਿਰੋਧੀ ਰਵੱਈਆ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਰਾਸ਼ਟਰੀ ਰਾਜਧਾਨੀ ਤੋਂ 200 ਕਿਲੋਮੀਟਰ ਦੂਰ ਬੈਠੇ ਕਿਸਾਨਾਂ ਦੀ ਗੱਲ ਸੁਣਨ ਨੂੰ ਵੀ ਤਿਆਰ ਨਹੀਂ ਹੈ।
ਦੂਜੇ ਪਾਸੇ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 29ਵਾਂ ਦਿਨ ਹੈ | ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਕਿਸਾਨ ਫਸਲਾਂ ਦੀ ਖਰੀਦ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਕੜਾਕੇ ਦੀ ਠੰਢ ਅਤੇ ਬਰਸਾਤ ‘ਚ ਵੀ ਉਹ ਹਰਿਆਣਾ-ਪੰਜਾਬ ਨੂੰ ਜੋੜਨ ਵਾਲੀ ਖਨੌਰੀ ਸਰਹੱਦ ’ਤੇ ਡਟੇ ਹੋਏ ਹਨ | ਐਸਕੇਐਮ ਦੇ ਗੈਰ ਸਿਆਸੀ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੋਇਆ ਹੈ।
Read More: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੇਂਦਰੀ ਮੰਤਰੀ ਨੂੰ 5 ਨਵੇਂ ਪੁਲ ਬਣਾਉਣ ਦੀ ਮੰਗ