July 7, 2024 11:54 am
Rajasthan

ਪੰਜਾਬ ਦਾ ਵਾਧੂ ਪਾਣੀ ਰਾਜਸਥਾਨ ਨੂੰ ਦਿੱਤਾ ਤਾਂ ਇੱਥੋਂ ਦੀ ਕਿਸਾਨੀ ਹੋ ਜਾਵੇਗੀ ਬਰਬਾਦ: ਸੁਖਬੀਰ ਬਾਦਲ

ਚੰਡੀਗੜ੍ਹ, 24 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਤੋਂ ਰਾਜਸਥਾਨ (Rajasthan) ਨੂੰ ਜਾਣ ਵਾਲੇ ਪਾਣੀ ਨੂੰ 700 ਕਿਊਸਿਕ ਤੋਂ ਵਧਾ ਕੇ 1200 ਕਿਊਸਿਕ ਕਰਨ ਦੇ ਐਲਾਨ ਦੇ ਦਾਅਵੇ ਨੂੰ ਲੈ ਕੇ ਸਿਆਸਤ ਭਖ ਗਈ ਹੈ, ਜਿਸ ਦੇ ਵਿਰੋਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਅਬੋਹਰ ਦੇ ਨਹਿਰੀ ਵਿਭਾਗ ਅੱਗੇ ਧਰਨਾ ਦਿੱਤਾ ਹੈ ।

ਇਸ ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਆਮ ਆਦਮੀ ਪਾਰਟੀ ਵੱਲੋਂ ਰਾਜਸਥਾਨ ਨੂੰ ਵਾਧੂ ਪਾਣੀ ਦੇਣ ਦੇ ਐਲਾਨ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ, ਭਾਵੇਂ ਉਸ ਨੂੰ ਇਸ ਲਈ ਜਾਨ ਵੀ ਕਿਉਂ ਨਾ ਦੇਣੀ ਪਵੇ।

ਸੁਖਬੀਰ ਬਾਦਲ ਨੇ ਉਨ੍ਹਾਂ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਰਾਜਸਥਾਨ (Rajasthan) ਦੇ ਆਗੂ ਹਨੂੰਮਾਨ ਬੇਨੀਵਾਲ ਨੇ ਦਾਅਵਾ ਕੀਤਾ ਹੈ ਕਿ ਭਗਵੰਤ ਮਾਨ ਨੇ ਐਤਵਾਰ ਨੂੰ ਬਠਿੰਡਾ ਵਿੱਚ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਨਹਿਰੀ ਪਾਣੀ ’ਤੇ ਨਿਰਭਰ ਹੈ। ਜੇਕਰ ਪੰਜਾਬ ਦਾ ਵਾਧੂ ਪਾਣੀ ਰਾਜਸਥਾਨ ਨੂੰ ਦਿੱਤਾ ਗਿਆ ਤਾਂ ਇੱਥੋਂ ਦੀ ਕਿਸਾਨੀ ਬਰਬਾਦ ਹੋ ਜਾਵੇਗੀ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦਾ ਰਾਖਾ ਹੋਣ ਦੇ ਨਾਤੇ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਰਾਜਸਥਾਨ ਨੂੰ ਸੌਂਪਣ ਅਤੇ ਲੁੱਟ-ਖਸੁੱਟ ਕਰਨ ਦੇ ਸਰਕਾਰੀ ਵਾਅਦੇ ਪ੍ਰਤੀ ਮੂਕ ਦਰਸ਼ਕ ਨਹੀਂ ਬਣੇਗਾ। ਉਨ੍ਹਾਂ ਨੇ ਇੱਕ ਬਿਆਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੂੰ ਇਨ੍ਹਾਂ ਰਿਪੋਰਟਾਂ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਪਰ ਇੱਕ ਦਿਨ ਬੀਤ ਜਾਣ ਦੇ ਬਾਵਜੂਦ ਮੁੱਖ ਮੰਤਰੀ ਮਾਨ ਨੇ ਚੁੱਪੀ ਧਾਰੀ ਰੱਖੀ ਹੈ।