ਅੰਮ੍ਰਿਤਸਰ, 26 ਜੂਨ 2023: ਅੱਜ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ (Shiromani Gurdwara Parbandhak Shiromani) ਦਾ ਵਿਸ਼ੇਸ਼ ਇਜਲਾਸ ਜਾਰੀ ਹੈ | ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ‘ਚ ਪਾਸ ਕੀਤੇ ਗੁਰਦੁਆਰਾ ਐਕਟ ਸੋਧ ਬਿੱਲ ਖ਼ਿਲਾਫ਼ ਅੱਜ ਮੀਟਿੰਗ ਸੱਦੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਨੇ ਪੰਜਾਬ ਸਰਕਾਰ ਖ਼ਿਲਾਫ਼ ਮਤਾ ਪਾਇਆ ਹੈ |
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਜੇਕਰ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਵਿਚ ਕੀਤੀ ਸੋਧ ਵਾਪਸ ਨਾ ਲਈ ਤਾਂ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕਰ ਕੇ ਮੋਰਚਾ ਸ਼ੁਰੂ ਕੀਤਾ ਜਾਵੇਗਾ।
ਅੱਜ ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ਵਿਚ ਉਹਨਾਂ ਇਸ ਬਾਬਤ ਮਤਾ ਪੇਸ਼ ਕੀਤਾ ਜਿਸ ਵਿਚ ਇਹ ਵੀ ਮੰਗ ਕੀਤੀ ਗਈ ਸੀ ਕਿ ਕੇਸਾਂ ਤੇ ਦਾੜੀ ਬਾਰੇ ਇਤਰਾਜ਼ ਭਰੇ ਸ਼ਬਦ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਗਤਾਂ ਦੇ ਨਾਂ ਬੇਅਦਬੀ ਨਾਲ ਲੈਣ ਲਈ ਪ੍ਰਿੰਸੀਪਲ ਬੁੱਧਰਾਮ ਮੁਆਫ਼ੀ ਮੰਗਣ। ਇਸ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ, ਗਿਆਨੀ ਸੁਲਤਾਨ ਸਿੰਘ, ਸਾਬਕਾ ਪ੍ਰਧਾਨ ਬੀਬੀ ਜਗਰੀ ਕੌਰ ਆਦਿ ਮੌਜੂਦ ਰਹੇ |
ਇਸ ਦੌਰਾਨ ਸੈਸ਼ਨ ਦੇ ਸ਼ੁਰੂ ਵਿੱਚ ਐਸ.ਜੀ.ਪੀ.ਸੀ. ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਬੋਲਦਿਆਂ ਕਿਹਾ ਕਿ ਇਹ ਨਹਿਰੂ ਅਤੇ ਮਾਸਟਰ ਤਾਰਾ ਸਿੰਘ ਸਮਝੌਤੇ ਦੀ ਉਲੰਘਣਾ ਹੈ। ਐਸ.ਜੀ.ਪੀ.ਸੀ. ਇਹ ਸਫ਼ਰ ਉਤਰਾਅ-ਚੜ੍ਹਾਅ ਵਾਲਾ ਰਿਹਾ ਹੈ। ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਧਾਮੀ ਨੇ ਕਿਹਾ ਕਿ ਐਸ.ਜੀ.ਪੀ.ਸੀ. ਇਤਿਹਾਸ 103 ਸਾਲ ਪੁਰਾਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ 1925 ਦੇ ਐਕਟ ਵਿੱਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ ਹੈ।