ਜਲੰਧਰ 02 ਜਨਵਰੀ 2023 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਪੰਜਾਬੀ ਮਾਂ ਬੋਲੀ ਨੂੰ ਹੋਰ ਪ੍ਰਫੁਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਥੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਾਉਣ ਦੀ ਸ਼ੁਰੂਆਤ ਕੀਤੀ।
ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪਿਮਸ) ਅਤੇ ਸੁਪਰ ਕਰੀਮਿਕਾ ਸਵੀਟਸ ਦੇ ਨਾਵਾਂ ਵਾਲੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਵਾਉਂਦਿਆਂ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਵਲੋਂ ਭਾਸ਼ਾਵਾਂ ਦੇ ਵਿਕਾਸ ਦੇ ਨਾਲ-ਨਾਲ ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਰਕਾਰੀ/ਪ੍ਰਾਈਵੇਟ ਅਦਾਰਿਆਂ ਦੇ ਬੋਰਡਾਂ ਉਪਰ ਪੰਜਾਬੀ ਭਾਸ਼ਾ ਨੂੰ ਪ੍ਰਮੁੱਖਤਾ ਦੇਣ ਦੇ ਸੱਦੇ ਤਹਿਤ ਅੱਜ ਇਥੇ ਇਹ ਬੋਰਡ ਲਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਂਦੀ 21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਤੱਕ ਸੂਬੇ ਭਰ ਵਿੱਚ ਪੰਜਾਬੀ ਭਾਸ਼ਾ ਨੂੰ ਤਰਜੀਹ ਦਿੰਦਾ ਹਰ ਬੋਰਡ ਨਜ਼ਰੀ ਪਵੇਗਾ।
ਮੀਤ ਹੇਅਰ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ, ਜੇਕਰ ਪੰਜਾਬੀ ‘ਚ ਨਾ ਲਿਖੇ ਬੋਰਡ ਤਾਂ, 21 ਫਰਵਰੀ ਤੋਂ ਬਾਅਦ ਕਾਰਵਾਈ ਹੋਵੇਗੀ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਹਾਲ ਹੀ ਵਿੱਚ ਭਾਸ਼ਾ ਵਿਭਾਗ ਵਲੋਂ ਮਨਾਏ ਗਏ ‘ਪੰਜਾਬੀ ਮਹੀਨਾ’ ਦੌਰਾਨ ਮੁੱਖ ਮੰਤਰੀ ਵਲੋਂ ਸੂਬੇ ਵਿੱਚ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ ਦਾ ਐਲਾਨ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਦੂਜੀਆਂ ਭਾਸ਼ਾ ਦਾ ਵੀ ਸਤਿਕਾਰ ਕਰਦੇ ਹੋਏ ਬੋਰਡ ਉਤੇ ਪੰਜਾਬੀ ਤੋਂ ਬਾਅਦ ਹੋਰ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੋਨੇ-ਕੋਨੇ ਵਿੱਚ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ-ਪਸਾਰ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਰਮਨ ਅਰੋੜਾ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਸਤਨਾਮ ਮਾਣਕ, ਦੀਪਕ ਬਾਲੀ, ਲਖਵਿੰਦਰ ਸਿੰਘ ਜੌਹਲ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।