Site icon TheUnmute.com

ਸਬੂਤਾਂ ਵਾਲੀ ਪੈਨਡਰਾਈਵ ਜਾਰੀ ਨਹੀਂ ਹੁੰਦੀ ਤਾਂ ਮੈਂ ਖ਼ੁਦ ਭਲਕੇ ਕਰਾਂਗਾ ਜਨਤਕ: ਵਿਰਸਾ ਸਿੰਘ ਵਲਟੋਹਾ

Virsa Singh Valtoha

ਚੰਡੀਗੜ੍ਹ, 15 ਅਕਤੂਬਰ, 2024: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੂੰ ਪਾਰਟੀ ‘ਚੋਂ ਕੱਢਣ ਦੇ ਆਦੇਸ਼ ਜਾਰੀ ਕੀਤੇ ਹਨ | ਸਿੰਘ ਸਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਵਲਟੋਹਾ ਨੂੰ 10 ਸਾਲ ਲਈ ਪਾਰਟੀ ‘ਚੋਂ ਕੱਢਣ ਦੇ ਹੁਕਮ ਦਿੱਤੇ ਹਨ |

ਇਸ ਫੈਸਲੇ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਫੇਸਬੁੱਕ ‘ਤੇ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ‘ਤੇ ਅੱਜ ਸਿੰਘ ਸਾਹਿਬਾਨ ਸਾਹਮਣੇ ਮੇਰੀ ਪੇਸ਼ੀ ਤੋਂ ਬਾਅਦ ਜੋ ਆਦੇਸ਼ ਜਾਰੀ ਕੀਤਾ ਗਿਆ ਹੈ ਉਸਨੂੰ ਸਿਰ ਝੁਕਾਕੇ ਪ੍ਰਵਾਨ ਕਰਦਾ ਹਾਂ।

ਵਲਟੋਹਾ ਨੇ ਕਿਹਾ ਕਿ ਇਸ ਆਦੇਸ਼ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਸੰਕਟ ‘ਚ ਪਾਏ ਬਿਨਾਂ ਮੈਂ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡਦਾ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਮੈਨੂੰ ਬਹੁਤ ਪਿਆਰ ਕਰਦੀ ਹੈ ਤੇ ਉਹ ਮੈਨੂੰ ਹਮੇਸ਼ਾਂ ਹੀ ਪੰਥਕ ਸੋਚ ਵਾਲੇ ਟਕਸਾਲੀ ਅਕਾਲੀ ਦਾ ਦਰਜਾ ਦਿੰਦੀ ਹੈ। ਮੇਰੀਆਂ ਰਗਾਂ ‘ਚ ਅਕਾਲੀ ਖੂਨ ਵਗਦਾ ਹੈ ਅਤੇ ਹਮੇਸ਼ਾਂ ਵਗਦਾ ਰਹੇਗਾ।

ਵਲਟੋਹਾ (Virsa Singh Valtoha) ਨੇ ਕਿਹਾ ਕਿ ਸਿੰਘ ਸਾਹਿਬਾਨ ਦਾ ਆਦੇਸ਼ ਉਹ ਇੱਕ ਨਿਮਾਣੇ ਸਿੱਖ ਦੇ ਤੌਰ ‘ਤੇ ਪ੍ਰਵਾਨ ਕਰਦੇ ਹਨ | ਸ੍ਰੀ ਅਕਾਲ ਤਖਤ ਸਾਹਿਬ ਤੋਂ ਹਮੇਸ਼ਾਂ ਸੰਗਤ ਨੂੰ ਅਕਾਲੀ ਦਲ ਦੇ ਨਾਲ ਜੋੜਿਆ ਹੀ ਜਾਂਦਾ ਰਿਹਾ ਹੈ। ਮੇਰੀ ਜ਼ਿੰਦਗੀ ਵਿੱਚ ਇੱਕ ਅਕਾਲੀ ਨੂੰ ਅਕਾਲੀ ਦਲ ਨਾਲੋਂ ਤੋੜਣ ਲਈ ਸ਼ਾਇਦ ਸਿੱਖ ਰਾਜਨੀਤੀ ‘ਚ ਇਹ ਪਹਿਲਾ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਆਦੇਸ਼ ਆਇਆ ਹੈ।

ਵਲਟੋਹਾ ਨੇ ਕਿਹਾ ਕਿ ਅੱਜ ਅਕਾਲੀ ਵਿਰੋਧੀ ਤਾਕਤਾਂ ਜਰੂਰ ਖੁਸ਼ ਹੋਣਗੀਆਂ, ਹਾਂ ਗਿਆਨੀ ਹਰਪ੍ਰੀਤ ਸਿੰਘ ਹੋਰਾਂ ਨੇ ਅਜਿਹਾ ਆਦੇਸ਼ ਕਰਵਾ ਕੇ ਅਕਾਲੀ ਸਫਾਂ ‘ਚ ਦਹਿਸ਼ਤ ਪੈਦਾ ਕਰਨ ਦੀ ਜਰੂਰ ਕੋਸ਼ਿਸ਼ ਕੀਤੀ ਹੈ, ਪਰ ਤਖਤਾਂ ਤੋਂ ਸਿੱਖਾਂ ‘ਚ ਦਹਿਸ਼ਤ ਪੈਦਾ ਕਰਨ ਲਈ ਕਦਮ ਨਹੀਂ ਚੁੱਕੇ ਜਾਂਦੇ ਸਗੋਂ ਸਿੱਖੀ ਨਾਲ ਜੋੜਣ ਤੇ ਅਕਾਲੀ ਸੋਚ ਨਾਲ ਜੋੜਨ ਦੇ ਯਤਨ ਕੀਤੇ ਜਾਂਦੇ ਰਹੇ ਹਨ।

ਵਲਟੋਹਾ ਨੇ ਕਿਹਾ ਕਿ ਅੱਜ ਉਹ ਆਪਣਾ ਪੱਖ ਨਿਮਰਤਾ ਨਾਲ ਸਿੰਘ ਸਾਹਿਬਾਨ ਅੱਗੇ ਰੱਖਿਆ ਸੀ। ਜਿਸਦੀ ਸਾਰੀ ਵੀਡੀਓਗ੍ਰਾਫੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮੈਨੂੰ ਸਿੰਘ ਸਾਹਿਬਾਨ ਨੇ ਪੇਸ਼ੀ ਦੀ ਬੈਠਕ ਸ਼ੁਰੂ ਹੋਣ ਵੇਲੇ ਕਿਹਾ ਸੀ ਕਿ ਤੁਹਾਡੀ ਸਾਰੀ ਸੁਣਵਾਈ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ ਜੋ ਬਾਅਦ ‘ਚ ਮੀਡੀਆ ਨੂੰ ਜਾਰੀ ਕੀਤੀ ਜਾਵੇਗੀ।

ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੇਨਤੀ ਹੈ ਕਿ ਉਹ ਵੀਡੀਓਗ੍ਰਾਫੀ ਦੀ ਵੀਡੀਓ ਮੀਡੀਆ ਨੂੰ ਜਨਤਕ ਕਰਨ | ਉਨ੍ਹਾਂ ਕਿਹਾ ਕਿ ਮੇਰੇ ਸਪੱਸ਼ਟੀਕਰਨ ਦੀ ਚਿੱਠੀ ਅਤੇ ਪੈਨਡਰਾਈਵ ਜਿਸ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ BJP ਤੇ ਕੇਂਦਰ ਸਰਕਾਰ ਨਾਲ ਸਾਂਝ ਨੂੰ ਸਾਬਤ ਕਰਦੇ ਹੋਏ ਡਾਕੂਮੈਂਟਸ ਪੇਸ਼ ਕੀਤੇ ਗਏ ਸੀ ਉਹ ਵੀ ਜਨਤਕ ਕਰਨ ਦੀ ਕਿਰਪਾਲਤਾ ਕਰਨ।

ਵਲਟੋਹਾ ਨੇ ਕਿਹਾ ਕਿ ਜੇਕਰ ਕਿਸੇ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ ਮੇਰੀ ਸਪੱਸ਼ਟੀਕਰਨ ਵਾਲੀ ਪੱਤ੍ਰਿਕਾ ਤੇ ਸਬੂਤਾਂ ਵਾਲੀ ਪੈਨਡਰਾਈਵ ਜਾਰੀ ਨਹੀਂ ਹੁੰਦੀ ਤਾਂ ਮੈਂ ਕੱਲ੍ਹ ਨੂੰ ਇਹ ਸਭ ਕੁੱਝ ਆਪ ਜਨਤਕ ਕਰਾਂਗਾ।

Exit mobile version