Mahan Kosh

ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਨਸ਼ਟ ਕਰਨ ਦੀ ਵਕਾਲਤ

ਚੰਡੀਗੜ੍ਹ, 10 ਦਸੰਬਰ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਪੰਜਾਬੀ ਯੂਨੀਵਰਸਿਟੀ ਦੁਆਰਾ ਪ੍ਰਕਾਸ਼ਿਤ ਸ਼ਾਬਦਿਕ ਗਲਤੀਆਂ ਵਾਲੇ ਗੁਰਸ਼ਬਦ ਰਤਨਾਕਰ ਮਹਾਨ ਕੋਸ਼ (Mahan Kosh) ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਦੀ ਵਕਾਲਤ ਕੀਤੀ ਹੈ |

ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਲਈ ਢੁਕਵੇਂ ਕਦਮ ਚੁੱਕੇ ਜਾਣਗੇ।

ਉਨ੍ਹਾਂ ਕਿਹਾ ਕਿ ਇਹ ਕੰਮ ਸਬੰਧਤ ਕਮੇਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਹੀ ਕੀਤਾ ਜਾਣਾ ਚਾਹੀਦਾ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਇਸ ਮਾਮਲੇ ‘ਤੇ ਤਿੰਨ ਹਫ਼ਤਿਆਂ ਦੇ ਅੰਦਰ ਰਿਪੋਰਟ ਦੇਣ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਸਰਬਉੱਚਤਾ ਨੂੰ ਕਾਇਮ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਕਿਸੇ ਵੀ ਭਰਮ-ਭੁਲੇਖਿਆਂ ਤੋਂ ਬਚਾਉਣ ਲਈ ਇਹ ਕਦਮ ਅਤਿਅੰਤ ਜ਼ਰੂਰੀ ਹੋ ਗਿਆ ਹੈ।

ਇਸ ਦੌਰਾਨ ਕੇਂਦਰੀ ਸਿੱਖ ਸਭਾ ਦੇ ਜਨਰਲ ਸਕੱਤਰ ਡਾ. ਖੁਸ਼ਹਾਲ ਸਿੰਘ, ਸੇਵਾਮੁਕਤ ਪ੍ਰੋਫੈਸਰ ਡਾ. ਪਿਆਰੇ ਲਾਲ ਗਰਗ, ਗਿਆਨ ਪ੍ਰਕਾਸ਼ ਟਰੱਸਟ ਲੁਧਿਆਣਾ ਦੇ ਨੁਮਾਇੰਦੇ ਸਲੋਚਨ ਬੀਰ ਸਿੰਘ, ਅਮਰਜੀਤ ਸਿੰਘ ਧਵਨ, ਰਜਿੰਦਰ ਸਿੰਘ ਖ਼ਾਲਸਾ, ਬਲਬੀਰ ਸਿੰਘ, ਸਿੱਖ ਮਿਸ਼ਨਰੀ ਕਾਲਜ ਦੇ ਡਾਇਰੈਕਟਰ ਪਰਮਜੀਤ ਸਿੰਘ, ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਸੰਯਮ ਅਗਰਵਾਲ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਮੁਖੀ ਪਰਮਿੰਦਰਜੀਤ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

Read More: Jagdeep Dhankhar: ਵਿਰੋਧੀ ਧਿਰ ਨੇ ਜਗਦੀਪ ਧਨਖੜ ਖਿਲਾਫ਼ ਰਾਜ ਸਭਾ ‘ਚ ਲਿਆਂਦਾ ਬੇਭਰੋਸਗੀ ਮਤਾ

 

Scroll to Top