ਚੰਡੀਗੜ੍ਹ, 12 ਅਗਸਤ 2025: ਪੰਜਾਬ ਸਰਕਾਰ ਨੇ 31 ਮਾਰਚ 2020 ਤੱਕ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਬਕਾਇਆ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 68 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ | ਪੰਜਾਬ ਸਰਕਾਰ ਮੁਤਾਬਕ ਇਸ ਨਾਲ ਉਨ੍ਹਾਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੀ ਹੈ ਜੋ ਦੋ ਦਹਾਕਿਆਂ ਤੋਂ ਇਸ ਵਿੱਤੀ ਬੋਝ ਨਾਲ ਜੂਝ ਰਹੇ ਹਨ।
ਇਹ ਜਾਣਕਾਰੀ ਸੀਨੀਅਰ ਆਪ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਆਪਣੇ ਦਫ਼ਤਰ ‘ਚ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਮੁਆਫ਼ ਕੀਤੇ ਗਏ ਕਰਜ਼ਿਆਂ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਸਰਟੀਫਿਕੇਟ ਵੰਡਦੇ ਹੋਏ ਦਿੱਤੀ ਹੈ। ਐਡਵੋਕੇਟ ਸੇਖਵਾਂ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਦੇ 321 ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਪਰਿਵਾਰਾਂ ਵੱਲੋਂ ਮੁਆਫ਼ ਕੀਤੇ ਗਏ ਕਰਜ਼ਿਆਂ ਦਾ ਲਾਭ ਮਿਲਿਆ ਹੈ ਅਤੇ ਜ਼ਿਲ੍ਹੇ ਦੇ ਇਨ੍ਹਾਂ ਪਰਿਵਾਰਾਂ ਦੇ 4.45 ਕਰੋੜ ਰੁਪਏ ਮੁਆਫ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ੀ ਸਕੀਮ ਤਹਿਤ ਕਾਦੀਆਂ ਵਿਧਾਨ ਸਭਾ ਹਲਕੇ ਦੇ 40 ਪਰਿਵਾਰਾਂ ਦੇ 55.52 ਲੱਖ ਰੁਪਏ ਮੁਆਫ਼ ਕੀਤੇ ਗਏ ਹਨ।
ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਗਰੀਬ ਪਰਿਵਾਰਾਂ ਦੇ ਇਹ ਕਰਜ਼ੇ ਪਿਛਲੇ ਦੋ ਦਹਾਕਿਆਂ ਤੋਂ ਲੰਬਿਤ ਸਨ ਅਤੇ ਪ੍ਰਭਾਵਿਤ ਵਿਅਕਤੀਆਂ ਨੇ ਪਿਛਲੀਆਂ ਸਰਕਾਰਾਂ ਨੂੰ ਵਾਰ-ਵਾਰ ਅਪੀਲ ਕੀਤੀ ਸੀ ਪਰ ਉਨ੍ਹਾਂ ਸਰਕਾਰਾਂ ਨੇ ਉਨ੍ਹਾਂ ਵੱਲ ਧਿਆਨ ਨਹੀਂ ਦਿੱਤਾ।
ਉਨ੍ਹਾਂ ਕਿਹਾ ਕਿ ਇਨ੍ਹਾਂ ‘ਚੋਂ ਕੁਝ ਕਰਜ਼ੇ ਅਸਲ ਕਰਜ਼ਦਾਰਾਂ ਦੀ ਮੌਤ ਜਾਂ ਹੋਰ ਹਾਲਾਤਾਂ ਕਾਰਨ ਬਕਾਇਆ ਸਨ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਨ੍ਹਾਂ ਕਰਜ਼ਿਆਂ ਨੂੰ ਮੁਆਫ ਕਰਨ ਦਾ ਫੈਸਲਾ ਕੀਤਾ ਹੈ।
Read More: ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੱਲ ਸੁਣੀ, ਲੈਂਡ ਪੂਲਿੰਗ ਨੀਤੀ ਵਾਪਸ ਲਈ: ਹਰਦੀਪ ਸਿੰਘ ਮੁੰਡੀਆਂ