ਚੰਡੀਗੜ੍ਹ, 28 ਅਪ੍ਰੈਲ 2023: ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਿਨਟ (Punjab Cabinet) ਦੀ ਮੀਟਿੰਗ ਚੰਡੀਗੜ੍ਹ ਦੀ ਬਜਾਏ ਲੁਧਿਆਣਾ ਸਰਕਟ ਹਾਊਸ ਵਿਖੇ ਹੋਈ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਸਫ਼ਲ ਬਣਾਉਣ ਲਈ ਡਰੱਗ ਲੈਬਾਰਟਰੀਆਂ ਵਿੱਚ ਪੱਕੇ ਮੁਲਾਜ਼ਮ ਭਰਤੀ ਕੀਤੇ ਜਾਣਗੇ।
ਮੁਲਾਜ਼ਮਾਂ ਦੀ ਘਾਟ ਕਾਰਨ ਕਈ-ਕਈ ਦਿਨ ਸੈਂਪਲ ਲੈਬਾਰਟਰੀ ਵਿੱਚ ਪਏ ਰਹਿੰਦੇ ਹਨ, ਕੰਮ ਦਾ ਬੋਝ ਜ਼ਿਆਦਾ ਹੈ। ਅਜਿਹੇ ‘ਚ ਜਲਦ ਹੀ ਨੋਟੀਫਿਕੇਸ਼ਨ ਜਾਰੀ ਕਰਕੇ ਮੁਲਾਜ਼ਮਾਂ ਨੂੰ ਡਰੱਗ ਲੈਬਾਰਟਰੀਆਂ ‘ਚ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀਟੀਯੂ) ਅਤੇ ਖੇਡ ਵਿਭਾਗ ਵਿੱਚ ਵੀ ਨਵੀਂਆਂ ਭਰਤੀਆਂ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ 1 ਮਈ ਤੋਂ ਪੰਜਾਬ ਸਰਕਾਰ ਮਜ਼ਦੂਰਾਂ ਨੂੰ ਤੋਹਫਾ ਦੇਣ ਜਾ ਰਹੀ ਹੈ। ਹੁਣ ਜੇਕਰ ਕਿਸੇ ਕਿਸਾਨ ਦੀ ਫ਼ਸਲ ਖ਼ਰਾਬ ਹੋ ਜਾਂਦੀ ਹੈ ਤਾਂ ਸਰਕਾਰ ਉਸ ਕਿਸਾਨ ਦੇ ਨਾਲ-ਨਾਲ ਉਸ ਖੇਤ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਵੇਗੀ। ਵੱਧ ਤੋਂ ਵੱਧ ਮਜ਼ਦੂਰਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਕੰਮ ਸ਼ੁਰੂ ਕੀਤਾ ਜਾਵੇਗਾ। ਮਜ਼ਦੂਰਾਂ ਨੂੰ ਵੀ ਅਪੀਲ ਹੈ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਲੈਣ ।
ਇਸਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ ਦਾ ਬੁਰਾ ਹਾਲ ਹੈ। ਹਰ ਸੜਕ ’ਤੇ ਟੋਲ ਪਲਾਜ਼ਾ ਤਾਂ ਬਣੇ ਹੋਏ ਹਨ ਪਰ ਸੜਕਾਂ ਟੁੱਟੀਆਂ ਪਈਆਂ ਹਨ। ਸਭ ਤੋਂ ਪਹਿਲਾਂ ਟੋਲ ਪਲਾਜ਼ਿਆਂ ਨੂੰ ਖਤਮ ਕੀਤਾ ਜਾਵੇਗਾ। ਇਸ ਤੋਂ ਬਾਅਦ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ।