July 5, 2024 12:24 am
Fatehgarh Sahib

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਫਤਿਹਗੜ੍ਹ ਸਾਹਿਬ ਵਿਖੇ ਅਹਿਮ ਮੀਟਿੰਗ

ਫਤਿਹਗੜ੍ਹ ਸਾਹਿਬ, 23 ਮਈ 2023: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅੱਜ ਫਤਿਹਗੜ੍ਹ ਸਾਹਿਬ (Fatehgarh Sahib) ਵਿਖੇ ਇੱਕ ਮੀਟਿੰਗ ਕਰਨ ਲਈ ਪਹੁੰਚੇ। ਇਸ ਮੀਟਿੰਗ ਦੇ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪ੍ਰਧਾਨ ਤੇ ਆਗੂ ਮੌਜੂਦ ਰਹੇ । ਇਸ ਮੌਕੇ ਗੱਲਬਾਤ ਕਰਦੇ ਹੋਏ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅੱਜ ਦੀ ਮੀਟਿੰਗ ਦਾ ਏਜੰਡਾ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਨਾ ਪੂਰਾ ਕਰਨਾ ਹੈ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਉਹਨਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।

ਜਿਸ ਦੇ ਤਹਿਤ ਉਹਨਾਂ ਵਲੋਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਜਾਰੀ ਹਨ। ਉੱਥੇ ਹੀ ਡੱਲੇਵਾਲ ਨੇ ਕਿਹਾ ਕਿ ਦਿੱਲੀ ਵਿੱਚ ਚੱਲ ਰਹੇ ਖਿਡਾਰੀਆਂ ਦੇ ਧਰਨੇ ਦੇ ਵਿਚ ਉਹਨਾਂ ਦੀ ਜਥੇਬੰਦੀ ਸ਼ਾਮਲ ਹੋਵੇਗੀ। ਸਰਕਾਰ ਵਲੋਂ ਖਿਡਾਰੀਆਂ ਨਾਲ ਜੋ ਧੱਕਾ ਕੀਤਾ ਜਾ ਰਿਹਾ ਹੈ ਉਹ ਗਲਤ ਹੈ। ਡੱਲੇਵਾਲ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ ਦੇ ਆਗੂ ਪੰਜਾਬ ਦੇ ਵਿਚੋਂ ਵੱਖ ਵੱਖ ਸਮੇਂ ਤੇ ਵੱਖ ਵੱਖ ਜ਼ਿਲ੍ਹਿਆਂ ਵਿਚੋਂ ਇਸ ਧਰਨੇ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਦਾ ਸਹਿਯੋਗ ਦੇਣਗੇ। ਪੰਜਾਬ ਦੇ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਜਾਣ ਦੇ ਸਵਾਲ ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਵੀ ਕੋਸ਼ਿਸ਼ ਹੈ ਕਿ ਪੰਜਾਬ ਦੇ ਨੌਜਵਾਨ ਪੰਜਾਬ ਵਿੱਚ ਰਹਿਕੇ ਹੀ ਰੁਜ਼ਗਾਰ ਕਰਨ, ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਨੌਜਵਾਨਾਂ ਦੇ ਲਈ ਰੁਜ਼ਗਾਰ ਪੈਦਾ ਕੀਤੇ ਜਾਣ।