ਚੰਡੀਗੜ੍ਹ, 08 ਨਵੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ ਨੇ ਅਹਿਮ ਮਤੇ ਪਾਏ | ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਪਹਿਲਾ ਮਤਾ ਪਾਸ ਕੀਤਾ ਗਿਆ। ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਜਥੇਬੰਦੀਆਂ ਇੱਕ ਜੁੱਟ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰਨੇ | ਇਸ ਦੇ ਨਾਲ ਹੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਵੀ ਕੀਤੀ ਗਈ ਹੈ ।
ਧਾਮੀ ਨੇ ਕਿਹਾ ਕਿ ਰਾਜੋਆਣਾ ਜੇਲ੍ਹ ‘ਚ ਅਜਿਹਾ ਕੋਈ ਕਦਮ ਨਾ ਚੁੱਕੋ ਜਿਸ ਨਾਲ ਕੌਮ ਅੰਦਰ ਚਿੰਤਾ ਪੈਦਾ ਹੋਵੇ, ਸਮੁੱਚੀ ਕੌਮ ਸਾਰੇ ਬੰਦੀ ਸਿੰਘਾਂ ਦੇ ਨਾਲ ਖੜ੍ਹੀ ਹੈ | ਬੰਦੀ ਸਿੰਘਾਂ ਦੀ ਰਿਹਾਈ ਲਈ ਮੁਕੰਮਲ ਕੀਤੀ ਦਸਤਖ਼ਤ ਮੁਹਿੰਮ ਤਹਿਤ ਸੰਗਤ ਵਲੋਂ ਰਾਸ਼ਟਰਪਤੀ ਦੇ ਨਾਮ ‘ਤੇ ਭਰੇ 20 ਲੱਖ ਪਰਫੋਰਮੇ ਪ੍ਰਾਪਤ ਕਰਨ ਲਈ ਗਵਰਨਰ ਬਨਵਾਰੀ ਲਾਲ ਪੁਰੋਹਿਤ ਸਮਾਂ ਨਹੀਂ ਦੇ ਰਹੇ
ਸਿੱਖ ਕੌਮ ਇੱਕਜੁੱਟਤਾ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰੇਗੀ |
550 ਸਾਲਾ ਮੌਕੇ 8 ਬੰਦੀ ਸਿੰਘਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦਾ ਨੋਟਿਸ ਕੇਂਦਰ ਸਰਕਾਰ ਵਲੋਂ ਜਾਰੀ ਕੀਤਾ ਗਿਆ ਸੀ ਪਰ ਸਰਕਾਰ ਆਪਣੇ ਫੈਸਲੇ ‘ਤੇ ਕਾਇਮ ਨਾ ਰਹੀ ਇਹ ਦੁੱਖ ਦੀ ਗੱਲ ਹੈ |
ਦੂਜੇ ਮਤੇ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਬਣ ਰਹੀਆਂ ਵੋਟਾਂ ਵਿੱਚ ਭਾਰਤੀ ਚੋਣ ਕਮਿਸ਼ਨ ਨਿਰਪੱਖ ਭੂਮਿਕਾ ਨਿਭਾਏ ਅਤੇ ਵੋਟਾਂ ਬਣਾਉਣ ਦੀ ਪ੍ਰਕਿਰਿਆ ਬਹੁਤ ਜਟਿਲ ਹੈ ਇਸ ਲਈ ਵੋਟਾਂ ਬਣਾਉਣ ਦੀ ਸੌਖੀ ਪ੍ਰੀਕ੍ਰਿਆ ਕੀਤੀ ਜਾਵੇ | ਇਸਦੇ ਹੀ ਵੋਟਾਂ ਬਣਾਉਣ ਦਾ ਸਮਾਂ 21 ਅਕਤੂਬਰ ਤੋਂ 15 ਨਵੰਬਰ ਤੱਕ ਵਧਾਇਆ ਜਾਵੇ | ਚੋਣ ਕਮਿਸ਼ਨ ਸਰਕਾਰ ਦੇ ਪ੍ਰਭਾਵ ਹੇਠ ਕੰਮ ਨਾ ਕਰੇ, ਵੋਟਾਂ ਬਣਾਉਣ ਦੀ ਪ੍ਰਕਿਰਿਆ ‘ਚ ਸਰਕਾਰ ਬੇਲੋੜਾ ਦਖ਼ਲ ਦੇ ਰਹੀ ਹੈ |
ਤੀਜੇ ਮਤੇ ਮੁਤਾਬਕ ਉਨ੍ਹਾਂ ਕਿਹਾ ਕਿ ਇਜਲਾਸ ਕੇਂਦਰ, ਪੰਜਾਬ, ਹਰਿਆਣਾ ਤੇ ਹਿਮਾਚਲ ਸਰਕਾਰ ਤੋਂ ਮੰਗ ਕਰਦਾ ਹੈ ਕਿ ਪੰਜਾਬੀ ਭਾਸ਼ਾ ਨੂੰ ਬੰਦਾ ਮਾਣ ਸਤਿਕਾਰ ਦਿੱਤਾ ਜਾਵੇ | ਇਸ ਦੇ ਨਾਲ ਹੀ ਪੰਜਾਬ ਵਿੱਚ ਕਈ ਥਾਈਂ ਇਹ ਕਿਹਾ ਜਾਂਦਾ ਹੈ ਕਿ ਪੰਜਾਬੀ ਬੋਲੀ ਨਹੀਂ ਬੋਲਣ ਦਿੱਤੀ ਜਾਂਦੀ। ਇਹ ਗਲਤ ਹੈ, ਸਰਕਾਰ ਨੂੰ ਪੰਜਾਬੀ ਭਾਸ਼ਾ ਨੂੰ ਵੀ ਬਰਾਬਰ ਦਾ ਸਤਿਕਾਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਤੋਂ ਵੱਖ ਕਰਨ ਦੀਆਂ ਕੋਸਿਸਾਂ ਮੰਦਭਾਗੀ ਹਨ |
ਅਗਲੇ ਮਤੇ ਵਿੱਚ ਹਰਜਿੰਦਰ ਸਿੰਘ ਧਾਮੀ ਨੇ ਇਹ ਵੀ ਕਿਹਾ ਕਿ ਸੋਸ਼ਲ ਮੀਡੀਆ ‘ਤੇ ਪਿਛਲੇ ਕੁਝ ਦਿਨਾਂ ਤੋਂ ਸਿੱਖ ਵਿਰੋਧੀ ਗੱਲਾਂ ਫੈਲਾਈਆਂ ਜਾ ਰਹੀਆਂ ਹਨ। ਇਸ ‘ਤੇ ਕੇਂਦਰ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਵਿਦੇਸ਼ਾਂ ਵਿੱਚ ਸਿੱਖ ਭਾਈਚਾਰੇ ‘ਤੇ ਹੁੰਦੇ ਹਮਲਿਆਂ ਨੂੰ ਰੋਕਣ ਸਬੰਧੀ ਕਦਮ ਚੁੱਕਣ ਦੀ ਅਪੀਲ ਕੀਤੀ | ਇਸਦੇ ਨਾਲ ਹੀ ਪਾਕਿਸਤਾਨ ਵਿੱਚ ਸਿੱਖ ਵਿਰਾਸਤ ਨਾਲ ਸੰਬੰਧੀ ਇਮਾਰਤਾਂ ਦੀ ਮੁਰੰਮਤ ਅਤੇ ਸਾਂਭ-ਸੰਭਾਲ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ ਅਤੇ ਸ਼੍ਰੋਮਣੀ ਕਮੇਟੀ ਵਲੋਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ |
ਇਕ ਹੋਰ ਮਤੇ ‘ਚ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਐਸਵਾਈਐਲ ਦੇ ਮੁੱਦੇ ‘ਤੇ ਗਲਤ ਕਦਮ ਚੁੱਕ ਰਹੀ ਹੈ। ਇਸ ਲਈ ਕੇਂਦਰ ਸਰਕਾਰ ਨੂੰ ਦਖਲ ਦੇ ਕੇ ਇਸ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਨੂੰ ਅਨੁਸੂਚਿਤ ਜਾਤੀ ਦੀ ਸਕਾਲਰਸ਼ਿਪ ਦਾ ਲਗਭਗ 50 ਕਰੋੜ ਰੁਪਏ ਜਲਦ ਜਾਰੀ ਕਰੇ | ਇਸਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਸਾਫ ਸਫਾਈ ਅਤੇ ਟਰੈਫਿਕ ਦੀ ਸਮੱਸਿਆ ਵੱਲ ਧਿਆਨ ਦੇਵੇ |
ਇਸ ਦੇ ਨਾਲ ਹੀ ਆਖਰੀ ਮਤੇ ‘ਚ ਹਰਿਆਣਾ ਸਰਕਾਰ ਵੱਲੋਂ ਵੱਖਰੀ ਹਰਿਆਣਾ ਸ਼੍ਰੋਮਣੀ ਕਮੇਟੀ ਬਣਾਉਣ ਨੂੰ ਵੀ ਗਲਤ ਦੱਸਿਆ। ਉਨ੍ਹਾਂ ਨੇ ਇਸਦੀ ਸਖ਼ਤ ਨਿੰਦਾ ਕਰਦਾ ਹਾਂ |