Site icon TheUnmute.com

ਆਂਗਣਵਾੜੀ ਕੇਂਦਰਾਂ ਦਾ ਸਮਾਜਿਕ ਸੇਵਾਵਾਂ ‘ਚ ਅਹਿਮ ਰੋਲ: MLA ਅਜੀਤਪਾਲ ਸਿੰਘ ਕੋਹਲੀ

Anganwadi

ਪਟਿਆਲਾ, 20 ਸਤੰਬਰ 2023: ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਹਾਲ ਵਿਚ ਨਿਯੁਕਤ ਕੀਤੇ ਆਂਗਣਵਾੜੀ (Anganwadi) ਵਰਕਰਾਂ ਅਤੇ ਹੈਲਪਰਾਂ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸੀਡੀਪੀੳ ਪਟਿਆਲਾ ਅਰਬਨ ਪ੍ਰਦੀਪ ਗਿੱਲ ਵੀ ਮੌਜੂਦ ਸਨ।

ਪਟਿਆਲਾ ਅਰਬਨ ਦੀਆਂ 46 ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕੇ ਸਮਾਜਿਕ ਸੁਰੱਖਿਆ ਵਿਭਾਗ ਅਧੀਨ ਆਉਣ ਵਾਲੇ ਆਂਗਣਵਾੜੀ ਸੈਂਟਰਾਂ ਦਾ ਸਮਾਜਿਕ ਸੇਵਾਵਾਂ ‘ਚ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਹੀ ਸਾਡੇ ਹਰ ਗਲੀ ਮੁਹੱਲੇ ਵਿਚ ਜਾ ਕੇ ਛੋਟੇ ਬੱਚਿਆਂ ਦੇ ਪਾਲਣ ਪੋਸਣ ਬਾਰੇ ਅਹਿਮ ਜਾਣਕਾਰੀ ਦੇਣੀ ਹੁੰਦੀ ਹੈ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ ਘਰ ਤੱਕ ਪਹੁੰਚਾਉਣਾ ਹੁੰਦਾ ਹੈ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕੇ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਅਹਿਮ ਹੁੰਦੀ ਹੈ ਕਿਉਂਕਿ ਉਹ ਛੋਟੀ ਉਮਰ ਵਿੱਚ ਬੱਚਿਆਂ ਦੇ ਭਵਿੱਖ ਸੰਵਾਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਂਗਣਵਾੜੀ (Anganwadi) ਵਰਕਰਾਂ ਦੀ ਭਲਾਈ ਲਈ ਹੋਰ ਅਹਿਮ ਕਦਮ ਚੁੱਕਣ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਹੁਣ ਧੀਆਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਰਹੀਆਂ ਹਨ ਅਤੇ ਮਾਪਿਆਂ ਨੂੰ ਧੀ ਦਾ ਪਾਲਣ ਪੋਸ਼ਣ ਕਰਕੇ ਮਾਣ ਮਹਿਸੂਸ ਹੁੰਦਾ ਹੈ। ਪੰਜਾਬ ਸਰਕਾਰ ਲੜਕੀਆਂ ਲਈ ਸਿੱਖਿਆ ਅਤੇ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਣ ਲਈ ਵਚਨਬੱਧ ਹੈ। ਵਿਧਾਇਕ ਅਜੀਤਪਾਲ ਸਿੰਘ ਨੇ ਕਿਹਾ ਕਿ ਇਹਨਾਂ ਵਰਕਰਾਂ ਅਤੇ ਹੈਲਪਰਾਂ ਦੀ ਬਿਨਾਂ ਕਿਸੇ ਪੱਖਪਾਤ ਤੋਂ ਉਨ੍ਹਾਂ ਦੀ ਕਾਬਲੀਅਤ ਦੇ ਅਧਾਰ ‘ਤੇ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ 36,097 ਨੌਕਰੀਆਂ ਦਿੱਤੀਆਂ ਹਨ। ਇਸ ਮੁਹਿੰਮ ਤਹਿਤ ਮੈਰਿਟ ਦੇ ਆਧਾਰ ‘ਤੇ ਬਿਨਾਂ ਸਿਫ਼ਾਰਿਸ਼ ਨੌਕਰੀਆਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲਾ ਪੰਜਾਬ, ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਰਾਜ ਦੇ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ 18 ਮਹੀਨਿਆਂ ਵਿੱਚ ਹੀ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਨੌਕਰੀਆਂ ਦਿੱਤੀਆਂ
ਗਈਆਂ ਹਨ।ਇਸ ਮੌਕੇ ਵਿਭਾਗ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।

Exit mobile version